ਕਾਂਗਰਸੀ ਉਮੀਦਵਾਰ ਦਾ ਨਾਮਜਦਗੀ ਪੱਤਰ ਖੋਹ ਕੇ ਭੱਜਿਆ ਨੌਜਵਾਨ, ਭੜਕਿਆ ਗੁੱਸਾ, ਕੀਤਾ ਹੰਗਾਮਾ
ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਗਰ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚਕਾਰ ਤਕਰਾਰ ਪੈਦਾ ਹੋ ਗਿਆ, ਜਿਸ ਕਾਰਨ ਮਾਹੌਲ ਤਣਾਅਪੂਰਣ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਜੋਗੇਸ਼ਵਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ ਅਤੇ ਦੋਹਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਇਕ ਕਾਂਗਰਸ ਦੀ ਇਸਤਰੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਖੋਹ ਕੇ ਲਿਜਾਣ ਤੋਂ ਬਾਅਦ ਮਾਮਲਾ ਭਖ਼ ਗਿਆ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਕੋਟਕਪੂਰਾ ਤੋਂ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸ਼ਨ ਅਤੇ ਸੱਤ੍ਹਾਧਾਰੀ ਧਿਰ ਦੀ ਧੱਕੇਸ਼ਾਹੀ ਵਿਰੁੱਧ ਰੋਸ ਪ੍ਰਗਟਾਇਆ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸਮਰਥਕ ਵੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਇਲਜਾਮ ਲਾਇਆ ਕਿ ਕਾਂਗਰਸੀ ਵਰਕਰ ਬਿਨ੍ਹਾਂ ਕਿਸੇ ਕਾਰਨ ਵਿਵਾਦ ਖੜ੍ਹਾ ਕਰ ਰਹੇ ਹਨ। ਇਸ ਮਾਮਲੇ ਸਬੰਧੀ ਗੱਲਬਾਤ ਕਰਦੇ ਹੋਏ ਕਾਂਗਰਸੀ ਉਮੀਦਵਾਰ ਮਹਿੰਦਰ ਕੌਰ ਦੇ ਪਤੀ ਰਣਜੀਤ ਸਿੰਘ ਵਡੇਰਾ ਨੇ ਦੱਸਿਆ ਕਿ ਜਦੋਂ ਉਹ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਪਹੁੰਚੇ ਤਾਂ ਪਹਿਲਾਂ ਤੋਂ ਮੌਜੂਦ ਕੁਝ ਨੌਜਵਾਨ ਉਨ੍ਹਾਂ ਦੇ ਕਾਗਜ਼ ਖੋਹ ਕੇ ਫ਼ਰਾਰ ਹੋ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵਲੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਕੁੱਲ 29 ਤੋਂ ਵਾਰਡਾਂ ਤੋਂ ਉਮੀਦਵਾਰਾਂ ’ਚੋ ਅਜੇ ਤੱਕ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਜਾਣ-ਬੁੱਝ ਕੇ ਖੱਜਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਾਂਗਰਸ ਦੀ ਇਕ ਮਹਿਲਾ ਉਮੀਦਵਾਰਾਂ ਦੇ ਕਾਗਜ਼ ਖੋਹੇ ਜਾਣ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਾਡੇ ਇਕ ਉਮੀਦਵਾਰ ਤੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਫ਼ਾਰਮ ਉਪਰ ਦਸਤਖ਼ਤ ਕਰਵਾ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸੱਤ੍ਹਾਧਾਰੀ ਧਿਰ ਦੀ ਇਹ ਧੱਕੇਸ਼ਾਹੀ ਲੋਕਤੰਤਰ ਦਾ ਘਾਣ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਵੀ ਉਕਤ ਘਟਨਾਕ੍ਰਮ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਮਰਥਕਾਂ ਨੇ ਸ਼ਹਿਰ ਦੇ ਸਾਰੇ ਵਾਰਡਾਂ ਲਈ ਆਪਣੇ ਨਾਮਜ਼ਦਗੀ ਪੱਤਰ ਅਜੇ ਤੱਕ ਦਾਖ਼ਲ ਕਰਵਾਉਣੇ ਹਨ, ਜੋ ਕਿ ਕੱਲ੍ਹ ਨੂੰ ਕਰਵਾਏ ਜਾਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਵਲੋਂ ਲਾਏ ਗਏ ਉਕਤ ਦੋਸ਼ਾਂ ਨੂੰ ਨਿਰਆਧਾਰ ਦੱਸਿਆ ਹੈ।

