ਫ਼ਰੀਦਕੋਟ, 13 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਕੇਂਦਰੀ ਮਾਡਰਨ ਜ਼ੇਲ੍ਹ ਵਿੱਚ ਬੰਦ ਇੱਕ ਹਵਾਲਾਤੀ ਦੀ ਇਲਾਜ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪ੍ਰੇਮ ਨਗਰ, ਕੋਟਕਪੂਰਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਨੂੰ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ 14 ਮਈ 2026 ਨੂੰ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ 15 ਮਈ ਤੋਂ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਬੰਦ ਸੀ। ਜੇਲ੍ਹ ਪ੍ਰਸ਼ਾਸਨ ਅਨੁਸਾਰ 11 ਅਗਸਤ ਨੂੰ ਭੁਪਿੰਦਰ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ। ਉਸ ਦੀ ਹਾਲਤ ਨੂੰ ਦੇਖਦਿਆਂ ਤੁਰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ। ਇਲਾਜ ਦੌਰਾਨ ਮੰਗਲਵਾਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅਧਿਕਾਰੀਆਂ ਅਨੁਸਾਰ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਥਿੱਤੀ ਸਪੱਸ਼ਟ ਹੋਵੇਗੀ। ਮਾਮਲੇ ਵਿੱਚ ਨਿਰਧਾਰਤ ਪ੍ਰਕਿਰਿਆ ਤਹਿਤ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

