350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਮਹੀਨਾਵਾਰ ਮੀਟਿੰਗ
ਕੋਟਕਪੂਰਾ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਇੱਕ ਸ਼ੋਕ ਮਤਾ ਪਾਸ ਕਰਕੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਪ੍ਰਿੰਸੀਪਲ ਮਹਿੰਦਰ ਪਾਲ ਸਿੰਘ, ਸੇਵਾ ਮੁਕਤ ਪੰਜਾਬੀ ਅਧਿਆਪਕਾ ਅੰਗਰੇਜ਼ ਕੌਰ ਔਲਖ ਅਤੇ ਕਈ ਹੋਰ ਸਾਥੀਆਂ ਨੂੰ ਯਾਦ ਕਰਦੇ ਹੋਏ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੀ ਫੁੱਲ ਭੇਂਟ ਕੀਤੇ ਗਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਅਤੇ ਭਾਈ ਸਤੀ ਦਾਸ ਜੀ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਗੁਰੂ ਤੇਗ ਬਹਾਦਰ ਜੀ ਦੇ ਸਹਿਣਸ਼ੀਲਤਾ ਭਰਪੂਰ ਜੀਵਨ ਤੋਂ ਪ੍ਰੇਰਨਾ ਲੈਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ। ਇਸ ਕਰਕੇ ਮੌਜੂਦਾ ਦੌਰ ਵਿੱਚ ਮੁਲਕ ਵਿੱਚ ਬਣੇ ਹੋਏ ਗੰਭੀਰ ਹਾਲਤਾਂ ’ਤੇ ਡੂੰਘੀ ਚਿੰਤਾ ’ਤੇ ਵਿਚਾਰ ਕਰਨ ਦੀ ਲੋੜ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਮੁਖਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਸੋਮ ਨਾਥ ਅਰੋੜਾ ਅਤੇ ਤਰਸੇਮ ਨਰੂਲਾ ਨੇ ਪੰਜਾਬ ਵਿੱਚ ਪਿਛਲੇ ਪੌਣੇ ਚਾਰ ਸਾਲ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਹੁਣ ਬਿਜਲੀ ਬੋਰਡ ਤੇ ਕਈ ਹੋਰ ਸਰਕਾਰੀ ਅਦਾਰਿਆਂ ਦੀਆਂ ਜਮੀਨਾਂ ਨੂੰ ਵੇਚਣ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਚਾਰ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖਧੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 16 ਨਵੰਬਰ ਦਿਨ ਐਤਵਾਰ ਨੂੰ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਅਤੇ ਮੁਜ਼ਾਹਰੇ ਨੂੰ ਸਫਲ ਬਣਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ ਕਮੇਟੀ ਵੱਲੋਂ ਵਾਰ ਵਾਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਮੁਲਤਵੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਤੋਂ ਸ਼ਰੇਆਮ ਮੁੱਕਰਨ ਦਾ ਦੋਸ਼ ਲਾਇਆ ਜਿਵੇਂ ਕਿ ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨਾ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਸੋਧੇ ਤਨਖਾਹ ਸਕੇਲਾਂ ਦਾ ਬਣਦਾ ਬਕਾਇਆ ਯਕਮੁਸ਼ਤ ਨਾ ਦੇਣਾ, ਮਹਿੰਗਾਈ ਭੱਤੇ ਦੀਆਂ 16 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਪੰਜ ਕਿਸ਼ਤਾਂ ਨਾ ਦੇਣਾ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨਾ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਬਜਾਏ ਹੋਰ ਲਮਕਾਉਣਾ ਆਦਿ ਮੁੱਖ ਤੌਰ ’ਤੇ ਸ਼ਾਮਿਲ ਹਨ। ਮੀਟਿੰਗ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਦੌਰਾਨ ਜੀਵਨ ਪ੍ਰਮਾਣ ਐਪ ਰਾਹੀਂ ਆਪਣੇ ਲਾਈਫ ਸਰਟੀਫਿਕੇਟ ਆਨਲਾਈਨ ਕਰਨ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੋਈ ਮੁਸ਼ਕਿਲ ਆਉਣ ਦੀ ਸਥਿਤੀ ਵਿੱਚ ਜਥੇਬੰਦੀ ਦੇ ਆਗੂ ਤਰਸੇਮ ਨਰੂਲਾ ਨਾਲ ਤੁਰੰਤ ਸੰਪਰਕ ਕਰਨ ਲਈ ਕਿਹਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਅਸ਼ੋਕ ਚਾਵਲਾ ਸੁਪਰਡੈਂਟ, ਜਸਵਿੰਦਰ ਸਿੰਘ ਬਰਾੜ ਸੇਵਾਮੁਕਤ ਪੇਂਡੂ ਵਿਕਾਸ ਅਧਿਕਾਰੀ, ਪ੍ਰਿੰਸੀਪਲ ਬਲਬੀਰ ਸਿੰਘ ਬਰਾੜ, ਹਾਕਮ ਸਿੰਘ ਡੀ ਪੀ ਈ, ਮੇਜਰ ਸਿੰਘ ਡੀਪੀਈ, ਲੈਕਚਰਾਰ ਮੰਦਰ ਸਿੰਘ, ਤਾਰਾ ਸਿੰਘ, ਮਦਨ ਲਾਲ ਸ਼ਰਮਾ ਸੰਧਵਾਂ, ਗੇਜ ਰਾਮ ਭੌਰਾ, ਗਲਵੰਤ ਸਿੰਘ ਔਲਖ, ਜੋਗਿੰਦਰ ਸਿੰਘ ਛਾਬੜਾ, ਵਿਨੋਦ ਕੁਮਾਰ ਧਵਨ ਲੈਕਚਰਾਰ, ਅਮਰਜੀਤ ਸਿੰਘ ਲੈਕਚਰਾਰ, ਰਾਜੀਵ ਕੌਸ਼ਲ ਸਿਹਤ ਵਿਭਾਗ, ਬਿੱਕਰ ਸਿੰਘ ਗੋਂਦਾਰਾ, ਸੁਖਦਰਸ਼ਨ ਸਿੰਘ ਗਿੱਲ ਤੇ ਮਲਕੀਤ ਸਿੰਘ ਢਿੱਲਵਾਂ ਕਲਾਂ ਆਦਿ ਵੀ ਹਾਜ਼ਰ ਸਨ।

