ਕੋਟਕਪੂਰਾ, 15 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨ ਵਾਲਾ-ਘਣੀਆਵਾਲਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਗੁਰੂ ਸਾਹਿਬ ਦੀ ਬਾਣੀ, ਵਿਚਾਰਧਾਰਾ ਅਤੇ ਅਧਿਆਤਮਿਕ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼ਬਦ ਪਾਠ ਅਤੇ ਗੁਰਬਾਣੀ ਕੀਰਤਨ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਫ਼ਲਸਫ਼ੇ ਨਾਲ ਸਬੰਧਤ ਧਾਰਮਿਕ ਗਤੀਵਿਧੀਆਂ ਅਤੇ ਵਿਚਾਰ ਸਾਂਝੇ ਕੀਤੇ ਗਏ।ਵਿਦਿਆਰਥੀਆਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਵਿੱਚ ਭਾਗ ਲਿਆ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਸਰਬਸਾਂਝੀਵਾਲਤਾ, ਬਰਾਬਰਤਾ, ਸੇਵਾ, ਨਿਮਰਤਾ ਅਤੇ ਕਿਰਤ ਕਰਨ ਦੇ ਸੰਦੇਸ਼ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਜਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਸਾਂਝ ਤੇ ਭਾਈਚਾਰੇ ਦੀ ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਰਘੂਬੀਰ ਸਿੰਘ ਗਿੱਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ, ਵਿਦਿਅਕ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਕੂਲ ਦੀ ਤਰੱਕੀ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਇਸ ਪਾਵਨ ਮੌਕੇ ਸਕੂਲ ਦੀ ਚੇਅਰਪਰਸਨ ਸ਼੍ਰੀਮਤੀ ਚਰਨਜੀਤ ਕੌਰ ਗਿੱਲ, ਵਾਈਸ ਚੇਅਰਮੈਨ ਰਘੁਬੀਰ ਸਿੰਘ ਗਿੱਲ, ਮੈਨੇਜਰ ਸ਼੍ਰੀਮਤੀ ਦਲਜੀਤ ਕੌਰ, ਪ੍ਰਿੰਸੀਪਲ ਸੁਖਜਿੰਦਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਹੋਰ ਸਤਿਕਾਰਯੋਗ ਮੈਂਬਰਾਂ, ਸਮੂਹ ਅਧਿਆਪਕ ਸਾਹਿਬਾਨ, ਆਸ-ਪਾਸ ਦੇ ਪਿੰਡਾਂ ਤੋਂ ਪਹੁੰਚੇ ਸਰਪੰਚ ਸਾਹਿਬਾਨ, ਪੰਚ ਸਾਹਿਬਾਨ, ਪੱਤਰਕਾਰ ਸਾਹਿਬਾਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਆਪਣੀ ਹਾਜ਼ਰੀ ਲਵਾ ਕੇ ਸਮਾਗਮ ਦੀ ਸ਼ੋਭਾ ਵਧਾਈ। ਉਨ੍ਹਾਂ ਦੀ ਸ਼ਮੂਲੀਅਤ ਨੇ ਇਸ ਧਾਰਮਿਕ ਸਮਾਗਮ ਨੂੰ ਹੋਰ ਵੀ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮੁੱਚਾ ਸਮਾਗਮ ਸ਼ਰਧਾ, ਸੇਵਾ, ਸਤਿਕਾਰ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਨੂੰ ਸਮਰਪਿਤ ਰਿਹਾ।

