ਫਰੀਦਕੋਟ, 13 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ’ਚ ਕਣਕ ਦੀ ਗੁਲਾਬੀ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਸਰਵੇਖਣ ਦੀਆਂ ਰਿਪੋਰਟਾਂ ਅਨੁਸਾਰ ਉਹ ਕਣਕ ਦੇ ਖੇਤ, ਜਿਨ੍ਹਾਂ ’ਚ ਝੋਨੇ ਦੀਆਂ ਲੰਮਾ ਲੈਣ ਵਾਲੀਆਂ ਕਿਸਮਾਂ ਦੀ ਕਟਾਈ ਉਪਰੰਤ ਕਣਕ ਦੀ ਫ਼ਸਲ ਬੀਜੀ ਸੀ ਜਾਂ ਕਣਥ ਦੀ ਫ਼ਸਲ ਦੀ ਜ਼ਿਆਦਾ ਅਗੇਤੀ ਬਿਜਾਈ ਕੀਤੀ ਗਈ ਸੀ, ਉਨ੍ਹਾਂ ਖੇਤਾਂ ’ਚ ਕਣਕ ਦੀ ਗੁਲਾਬੀ ਸੁੰਡੀ ਦਾ ਜ਼ਿਆਦਾ ਹਮਲਾ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਕਿਸੇ ਖੇਤ ’ਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲਦਾ ਹੈ ਤਾਂ ਤੁਰਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਡਾ. ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਣਕ ਦੀ ਫ਼ਸਲ ’ਚੋਂ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਵਾਸਤੇ ਕੇਵਲ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਿਫ਼ਾਰਸ ਕੀਤੀਆਂ ਦਵਾਈਆਂ ਦੀ ਵਰਤੋਂ ਕੀਤੀ ਜਾਵੇ। ਹਮਲਾ ਹੋਣ ਦੀ ਸੂਰਤ ’ਚ 7 ਕਿਲੋ ਮੋਰਟੈਸ/ਰੀਜੈਂਟ 0.3 ਜੀ ਜਾਂ ਡਰਸਥਾਨ 20 ਈ.ਸੀ. ਨੂੰ 20 ਕਿਲੋ ਸਲਾਬੀ ਮਿੱਟੀ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਲਾਉਣ ਤੋਂ ਪਹਿਲਾਂ ਛੱਟਾ ਦੇਵੋ। ਇਸ ਦੇ ਬਦਲ ’ਚ 50 ਮਿਲੀਲਿਟਰ ਪ੍ਰਤੀ ਏਕੜ ਕੋਰਾਜਨ 18.5 ਐਸ.ਸੀ.ਨੂੰ 80-100 ਲਿਟਰ ਪਾਣੀ ’ਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕਰੋ।