ਕੋਟਕਪੂਰਾ, 25 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
24 ਅਪ੍ਰੈਲ 2026 ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਅਤੇ ਸਮੂਹ ਖੰਡ ਮਿੱਲਾ ਵਲੋਂ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਡਾ. ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਅਤੇ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰਣਬੀਰ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ, ਡਾ: ਨਵਿੰਦਰਪਾਲ ਸਿੰਘ ਅਤੇ ਡਾ: ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਗੰਨਾ) ਵੱਲੋਂ ਪਿੰਡਾਂ ਵਿੱਚ ਜਾ ਕੇ ਗੰਨਾ ਕਾਸ਼ਤ ਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ. ਰਣਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ ਆਮ ਫ਼ਸਲਾਂ ਜਿਵੇਂ ਕਣਕ, ਝੋਨੇ, ਮੱਕੀ ਆਦਿ ਨਾਲੋਂ ਇਸ ਫ਼ਸਲ ਨੂੰ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ ਪਰ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ਾਂ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਨਾ ਕਾਸ਼ਤਕਾਰਾਂ ਵਲੋਂ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਵੱਧ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਕਰਨ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ। ਸਤੰਬਰ ਮਹੀਨੇ ਦੌਰਾਨ ਜਦੋਂ ਪੂਰੇ ਗੰਨੇ ਬਣ ਚੁੱਕੇ ਹੁੰਦੇ ਹਨ ਤਾਂ ਵੀ ਗੰਨਾ ਕਾਸ਼ਤਕਾਰਾਂ ਵਲੋਂ ਯੂਰੀਆ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਤਿਆਰ ਹੋਏ ਗੰਨੇ ਅਤੇ ਉਸ ਦੇ ਮੁੱਢ ਤੋਂ ਹੋਰ ਫੋਟ ਫੁੱਟਦੀ ਹੈ ਜੋ ਗੰਨਿਆਂ ਵਿਚ ਤਬਦੀਲ ਨਹੀਂ ਹੁੰਦੇ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਵੀ ਘਟਾ ਦਿੰਦੇ ਹਨ। ਡਾ. ਨਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਵੱਧ ਵਰਤੋਂ ਕਰਨ ਨਾਲ ਗੰਨੇ ਦੀ ਫਸਲ ਤੇ ਪੈਂਦੇ ਪ੍ਰਭਾਵਾਂ ਬਾਰੇ ਦੱਸਿਆ ਕੇ ਇਹ ਫਸਲ ਵਧੇਰੇ ਡਿੱਗਦੀ ਹੈ, ਕੀੜੇ ਮਕੌੜਿਆਂ ਦਾ ਹਮਲਾ ਵੱਧ ਹੁੰਦਾ ਹੈ ਅਤੇ ਖੰਡ ਦੀ ਰਿਕਵਰੀ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ ਇਸ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਗੰਨਾ ਕਾਸ਼ਤਕਾਰਾ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਅਨੁਸਾਰ ਪਤਝੜ ਰੁੱਤੇ ਬਿਜਾਈ ਕੀਤੇ ਗੰਨੇ ਦੀ ਫ਼ਸਲ ਨੂੰ 195 ਕਿਲੋ ਯੂਰੀਆ ਖਾਦ ਤਿੰਨ ਬਰਾਬਰ ਕਿਸ਼ਤਾਂ ਵਿਚ ਪਾਉਣੀ ਚਾਹੀਦੀ ਹੈ। ਪਹਿਲੀ ਕਿਸ਼ਤ ਬਿਜਾਈ ਸਮੇਂ, ਦੂਜੀ ਮਾਰਚ ਮਹੀਨੇ ਦੇ ਅਖੀਰ ਅਤੇ ਤੀਜੀ ਕਿਸ਼ਤ ਅਪ੍ਰੈਲ ਦੇ ਆਖਰੀ ਹਫਤੇ ਪਾ ਕੇ ਮਿੱਟੀ ਚੜ੍ਹਾ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਖਾਦ ਛੱਟੇ ਦੀ ਬਿਜਾਏ, ਲਾਈਨਾਂ ਦੇ ਨਾਲ ਨਾਲ ਕੇਰ ਕੇ ਕੀਤੀ ਜਾਵੇ ਤਾਂ ਵਧੇਰੇ ਖੰਡ ਦੀ ਰਿਕਵਰੀ ਅਤੇ ਪੈਦਾਵਾਰ ਮਿਲਦੀ ਹੈ। ਜੇਕਰ ਮਿੱਟੀ ਪਰਖ ਦੇ ਆਧਾਰ ਤੇ ਫ਼ਾਸਫ਼ੋਰਸ ਵਾਲੀ ਖਾਦ ਪਾਉਣੀ ਹੋਵੇ ਤਾਂ ਫ਼ਰਵਰੀ ਵਿਚ ਵਾਹੀ ਸਮੇਂ ਕਮਾਦ ਦੀਆਂ ਕਤਾਰਾਂ ਦੇ ਨੇੜੇ ਡਰਿੱਲ ਕਰਨੀ ਚਾਹੀਦੀ ਹੈ। ਬਹਾਰ ਰੁੱਤ ਦੇ ਗੰਨੇ ਦੀ ਬੀਜੀ ਫਸਲ ਲਈ 130 ਕਿਲੋ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਖਾਦ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਫਾਸਫੇਟਿਕ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਫਾਸਫੋਰਸ ਤੱਤ ਦੀ ਘਾਟ ਹੋਣ ਤੇ 75 ਕਿਲੋ ਸਿੰਗਲ ਸੁਪਰਫਾਸਫੇਟ ਖਾਦ ਪ੍ਰਤੀ ਏਕੜ ਵਰਤੋਂ ਕਰਨੀ ਚਾਹੀਦੀ ਹੈ। ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫ਼ਸਲ ਦੇ ਉੱਗਣ ਉਪਰੰਤ ਪਹਿਲੇ ਪਾਣੀ ਤੋਂ ਪਹਿਲਾ ਪਹਿਲੀ ਕਿਸ਼ਤ 65 ਕਿਲੋ ਯੂਰੀਆ ਫ਼ਸਲ ਦੀਆਂ ਲਾਈਨਾਂ ਦੇ ਨਾਲ ਨਾਲ ਪਾਉਣੀ ਚਾਹੀਦੀ ਹੈ ਅਤੇ ਬਾਕੀ ਦੀ 65 ਕਿਲੋ ਯੂਰੀਆ ਮਈ-ਜੂਨ ਵਿਚ ਪਾ ਦੇਣੀ ਚਾਹੀਦੀ ਹੈ। ਇਸੇ ਤਰਾਂ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ, ਪਹਿਲਾ 65 ਕਿਲੋ ਯੂਰੀਆ ਦੀ ਕਿਸ਼ਤ ਗੋਡੀ ਜਾਂ ਵਾਹੀ ਸਮੇਂ, ਦੂਜੀ ਕਿਸ਼ਤ ਅਪ੍ਰੈਲ ਅਤੇ ਤੀਜੀ ਕਿਸ਼ਤ ਮਈ ਵਿਚ ਪਾ ਦੇਣੀ ਚਾਹੀਦੀ ਹੈ। ਜੇਕਰ ਆਲੂਆਂ ਦੀ ਫ਼ਸਲ ਤੋਂ ਬਾਅਦ ਗੰਨੇ ਦੀ ਬਿਜਾਈ ਕੀਤੀ ਹੈ ਤਾਂ ਯੂਰੀਆ ਦੀ ਮਾਤਰਾ ਪ੍ਰਤੀ ਏਕੜ 45 ਕਿਲੋ ਘਟਾ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਖਾਦ ਵਰਤਣ ਨਾਲ ਹਵਾ ਅਤੇ ਪਾਣੀ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਤੋਂ ਵਾਧੂ ਨਾਈਟਰੋਜਨ ਜ਼ਮੀਨ ਹੇਠਲੇ ਪਾਣੀ ਵਿੱਚ ਜਾ ਕੇ ਪਾਣੀ ਪ੍ਰਦੂਸ਼ਤ ਕਰਦਾ ਹੈ। ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਚੁਕਾਉਣ ਦੀ ਬਿਜਾਏ ਖੇਤਾਂ ਵਿਚ ਹੀ ਸਾਂਭਿਆ ਜਾਵੇ ਤਾਂ ਜੋਂ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕੇ।

Leave a Reply