ਕੋਟਕਪੂਰਾ, 8 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਦੱਸਿਆ ਕਿ ਜ਼ਿਲੇ ਅੰਦਰ ਲੋਹੜੀ ਅਤੇ ਬਸੰਤ ਦਾ ਤਿਉਹਾਰ ਨਜ਼ਦੀਕ ਹੋਣ ਕਾਰਨ ਕਾਫ਼ੀ ਮਾਤਰਾ ’ਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ’ਚ ਕੀਤੀ ਜਾਂਦੀ ਹੈ। ਇਸ ਲਈ ਕਈ ਦੁਕਾਨਦਾਰਾਂ ਵਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ। ਡਿਪਟੀ ਕਮਿਸਨਰ ਨੇ ਅੱਜ ਕਾਰਜ ਸਾਧਕ ਅਫਸਰ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ, ਜੈਤੋ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਖਾਸ ਤੌਰ ’ਤੇ ਇਸ ਕੰਮ ’ਤੇ ਡਿਊਟੀ ਲਾਈ ਹੈ ਕਿ ਉਹ ਚਾਈਨਾ ਡੋਰ ਦੀ ਵਰਤੋਂ/ਵੇਚਣ ਅਤੇ ਖ੍ਰੀਦਣ ’ਤੇ ਕੜੀ ਨਿਗਰਾਨੀ ਰੱਖਣ। ਜੇਕਰ ਅਜਿਹਾ ਕੋਈ ਮਾਮਲਾ ਧਿਆਨ ’ਚ ਆਉਂਦਾ ਹੈ ਤਾਂ ਉਸ ’ਤੇ ਤੁਰਤ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਸੁਚੇਤ ਕੀਤਾ ਕਿ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ। ਖਾਸ ਕਰਕੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਸਟੋਰ ਨਾ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ’ਚ ਪਾਬੰਦੀ ਹੈ, ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਦਾ ਖਤਰਾ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਸਟੋਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।