ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਚੇਅਰਮੈਨ ਨੀਤੂ ਸਿੰਗਲਾ
ਅਣਗਹਿਲੀ ਜਾਂ ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਨਿਯਮਾਂ ਅਨੁਸਾਰ ਬਣਦੀ ਕਾਰਵਾਈ
ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਚੱਲ ਰਹੇ ਵਿਕਾਸ ਕਾਰਜਾਂ ਵਿੱਚ ਮਿਆਰੀ ਗੁਣਵੱਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੇ ਮਨੋਰਥ ਨਾਲ ਅੱਜ ਚੇਅਰਮੈਨ ਮੈਡਮ ਨੀਤੂ ਕਪੂਰ ਸਿੰਗਲਾ ਵੱਲੋਂ ਮਾਰਕੀਟ ਕਮੇਟੀ ਸਾਦਿਕ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਬੌਹਲੀ ਸਾਹਿਬ ਤੋਂ ਬੀਲੇਵਾਲਾ ਤੱਕ ਦੀ ਸੜਕ ਦੇ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਵਿਸ਼ੇਸ਼ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਮੈਡਮ ਨੀਤੂ ਕਪੂਰ ਸਿੰਗਲਾ ਨੇ ਸੜਕ ਦੀ ਬਣਤਰ ਅਤੇ ਵਰਤੀ ਜਾ ਰਹੀ ਸਮੱਗਰੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਜੋ ਵੀ ਕਮੀਆਂ ਜਾਂ ਖਾਮੀਆਂ ਸਾਹਮਣੇ ਆਈਆਂ, ਉਨ੍ਹਾਂ ਨੂੰ ਤੁਰੰਤ ਦੂਰ ਕਰਨ ਲਈ ਮੌਕੇ ’ਤੇ ਹੀ ਸਬੰਧਤ ਸੁਪਰਵਾਈਜ਼ਰ ਨੂੰ ਬੁਲਾ ਕੇ ਲੋੜੀਂਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸਬੰਧਤ ਜੂਨੀਅਰ ਇੰਜੀਨੀਅਰ (ਜੇ.ਈ.) ਨਾਲ ਵੀ ਗੱਲਬਾਤ ਕਰਕੇ ਚੱਲ ਰਹੇ ਕੰਮ ਦੀ ਮੌਜੂਦਾ ਪ੍ਰਗਤੀ ਅਤੇ ਗੁਣਵੱਤਾ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮੈਡਮ ਨੀਤੂ ਕਪੂਰ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਆਮ ਲੋਕਾਂ ਦੀ ਸਹੂਲਤ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਨਿਰਧਾਰਤ ਸਰਕਾਰੀ ਮਾਪਦੰਡਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਕਿਸੇ ਵੀ ਪੱਧਰ ’ਤੇ ਕੰਮ ਵਿੱਚ ਕਮੀ, ਅਣਗਹਿਲੀ ਜਾਂ ਲਾਪਰਵਾਹੀ ਪਾਈ ਗਈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੈਡਮ ਨੀਤੂ ਕਪੂਰ ਸਿੰਗਲਾ ਨੇ ਅਖੀਰ ਵਿੱਚ ਦੁਹਰਾਇਆ ਕਿ ਜਨਤਕ ਕੰਮਾਂ ਵਿੱਚ ਗੁਣਵੱਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਸਾਡੀ ਮੁੱਖ ਤਰਜੀਹ ਹੈ, ਤਾਂ ਜੋ ਸਰਕਾਰੀ ਪੈਸੇ ਦੀ ਸਹੀ ਵਰਤੋਂ ਹੋ ਸਕੇ ਅਤੇ ਆਮ ਜਨਤਾ ਨੂੰ ਲੰਮੇ ਸਮੇਂ ਤੱਕ ਵਧੀਆ ਸਹੂਲਤਾਂ ਪ੍ਰਾਪਤ ਹੋ ਸਕਣ।
