ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ਖੋਖਲੇ, ਪੰਜਾਬ ਸਰਕਾਰ ਕਰ ਰਹੀ ਹੈ ਡਰਾਮੇਬਾਜ਼ੀ
ਕੋਟਕਪੂਰਾ, 10 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿਛਲੇ ਦਿਨੀਂ ਸਮਾਣਾ ਦੇ ਇੱਕ ਸਕੂਲ ਵਿੱਚ ਵਿਦਿਆਰਥੀਆਂ ਦੇ ਸਾਹਮਣੇ ਅਧਿਆਪਕ ਵਰਗ ਨੂੰ ਬੇਇਜ਼ਤ ਕਰਨ ਲਈ ਵਰਤੀ ਗਈ ਅਪਮਾਨਜਨਕ ਭਾਸ਼ਾ ਦੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ ਤੇ ਸੁਖਜਿੰਦਰ ਸਿੰਘ ਖਾਨਪੁਰ, ਕਾਰਜਕਾਰੀ ਜਨਰਲ ਸਕੱਤਰ ਜਿੰਦਰ ਪਾਇਲਟ, ਵਿੱਤ ਸਕੱਤਰ ਨਵੀਨ ਸੱਚਦੇਵਾ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ , ਸੂਬਾ ਸਲਾਹਕਾਰ ਬਲਕਾਰ ਵਲਟੋਹਾ ਅਤੇ ਪ੍ਰੇਮ ਚਾਵਲਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਜੋ ਕਿ ਆਪਣੇ ਕਾਰਜਕਾਲ ਦੌਰਾਨ ਲਗਾਤਾਰ ਵਿਵਾਦਾਂ ਵਿੱਚ ਘਿਰੇ ਰਹੇ ਹਨ ਜਿਸ ਕਾਰਨ ਇਹਨਾਂ ਨੂੰ ਪੰਜਾਬ ਮੰਤਰੀ ਮੰਡਲ ਦੇ ਵਿੱਚੋਂ ਬਾਹਰ ਦਾ ਰਸਤਾ ਵੀ ਦੇਖਣਾ ਪਿਆ ਹੈ ਅਜੇ ਤੱਕ ਵੀ ਸੱਤਾ ਦੇ ਨਸ਼ੇ ਵਿੱਚ ਆਪਣੀ ਬੋਲ ਬਾਣੀ ਦਰੁਸਤ ਨਹੀਂ ਕਰ ਰਹੇ।ਆਗੂਆਂ ਨੇ ਕਿਹਾ ਕਿ ਚੇਤਨ ਸਿੰਘ ਜੌੜਾਮਾਜਰਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਾਰੇ ਸਕੂਲਾਂ ਵਿੱਚ ਸਾਲ 2025-26 ਦਾ ਵਿਦਿਅਕ ਵਰ੍ਹਾ ਸ਼ੁਰੂ ਹੋਣ ਕਰਕੇ ਨਵੇਂ ਦਾਖਲਿਆਂ ਦਾ ਜ਼ੋਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਅਧਿਆਪਕ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਲਗਾਤਾਰ ਵੱਧ ਤੋਂ ਵੱਧ ਮਾਪਿਆਂ ਨਾਲ ਤਾਲਮੇਲ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਦਸਵੀਂ ਜਮਾਤ ਦਾ ਨਤੀਜਾ ਅਜੇ ਤੱਕ ਨਾ ਆਉਣ ਕਰਕੇ 10+1 ਜਮਾਤ ਦਾ ਕੋਈ ਵੀ ਵਿਦਿਆਰਥੀ ਸਕੂਲਾਂ ਵਿੱਚ ਹਾਜ਼ਰ ਨਹੀਂ ਹੈ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਸਿੱਖਿਆ ਕ੍ਰਾਂਤੀ ਦਾ ਅਖੌਤੀ ਤੌਰ ਤੇ ਦਾਅਵਾ ਕਰਨ ਵਾਲੀ ਸਰਕਾਰ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਡਰਾਮੇਬਾਜ਼ੀ ਕਰ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਉਸਾਰੀਆਂ ਗਈਆਂ ਚਾਰ ਦਿਵਾਰੀਆਂ, ਟਾਇਲਟਸ ਤੇ ਜਮਾਤ ਕਮਰਿਆਂ ਦਾ ਸਿਆਸੀ ਆਗੂਆਂ ਵੱਲੋਂ ਕਰੋੜਾਂ ਰੁਪਏ ਦੀ ਰਕਮ ਉਦਘਾਟਨੀ ਖਰਚਿਆਂ ਲਈ ਖਰਚ ਕਰਨ ਅਤੇ ਪੰਜਾਬ ਦੀ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ ਜਦਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦਾ ਇੰਤਜ਼ਾਰ ਕਰ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਰੈਗੂਲਰ ਭਰਤੀ ਕਰਨ ਵੱਲ ਕਦਮ ਅੱਗੇ ਵਧਾਉਣੇ ਚਾਹੀਦੇ ਹਨ ਤਾਂ ਹੀ ਅਮਲੀ ਤੌਰ ‘ਤੇ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦਾ ਸੁਪਨਾ ਸਾਕਾਰ ਹੋ ਸਕਦਾ ਹੈ।