
ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੋਰਾਂਵਾਲੀ ਵਿਖੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੇ ਗੁਰਮਿਤ ਗਿਆਨ ਸਵਾਲ-ਜਵਾਬ ਮੁਕਾਬਲੇ ਦੇ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਸਪੀਕਰ ਸੰਧਵਾਂ ਨੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਗੁਰਮਤ ਗਿਆਨ, ਸੱਚਾਈ, ਹਿੰਮਤ ਅਤੇ ਕੁਰਬਾਨੀ ਦੀ ਭਾਵਨਾ ਪੈਦਾ ਕਰਨੀ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਨੂੰ ਆਪਣੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਵਿਦਿਆਰਥੀਆਂ ਦੇ ਆਤਮਿਕ ਤੇ ਨੈਤਿਕ ਵਿਕਾਸ ਵਿੱਚ ਸਹਾਇਕ ਸਾਬਤ ਹੁੰਦੇ ਹਨ। ਉਨ੍ਹਾਂ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਨੂੰ 2 ਲੱਖ ਰੁਪਏ ਦੀ ਰਾਸ਼ੀ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਮਲਹੋਤਰਾ, ਸਰਪੰਚ ਸਰਬਜੀਤ ਸਿੰਘ, ਦਵਿੰਦਰ ਸੈਫੀ, ਸੁਨੀਤਾ ਬਾਘਲਾ, ਸੁਰਿਦਰ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਅਮਨਦੀਪ ਸਿੰਘ, ਵਨੀਤਾ, ਧਵਨ, ਨਵਦੀਪ ਕੌਰ, ਜਗਦੀਸ਼ ਕੌਰ, ਲਵਜੋਤ ਸਿੰਘ ਆਦਿ ਵੀ ਹਾਜ਼ਰ ਸਨ।

