ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਕੜੇ ਸੁਰੱਖਿਆ ਪ੍ਰਬੰਧ : ਐਸ.ਐਸ.ਪੀ

ਕੋਟਕਪੂਰਾ, 13 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਫਰੀਦਕੋਟ ਪੁਲਿਸ ਵੱਲੋਂ ਸੁਰੱਖਿਆ ਪੱਖੋ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕੀਤੀਆਂ ਗਈਆਂ ਹਨ। ਜਿਸ ਸਬੰਧੀ ਅੱਜ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋ ਪੁਲਿਸ ਲਾਈਨ ਵਿਖੇ ਪੁਲਿਸ ਫੋਰਸ ਅਤੇ ਪੈਟਰੋਲਿੰਗ ਪਾਰਟੀਆਂ ਦੀ ਬਰੀਫਿੰਗ ਕੀਤੀ ਗਈ। ਇਸ ਬਰੀਫਿੰਗ ਦੌਰਾਨ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਚੁਣਾਵੀ ਸੁਰੱਖਿਆ, ਲਗਾਤਾਰ ਚੌਕਸ ਗਸ਼ਤ, ਤੁਰਤ ਪ੍ਰਤੀਕਿਰਿਆ ਪ੍ਰਣਾਲੀ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਚੋਣ ਪ੍ਰਕਿਰਿਆ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੇ। ਇਸ ਮੌਕੇ ਐਸ.ਐਸ.ਪੀ. ਵੱਲੋਂ ਅਧਿਕਾਰੀਆਂ, ਪੁਲਿਸ ਕਰਮਚਾਰੀਆਂ ਅਤੇ ਗਸ਼ਤ ਪਾਰਟੀਆਂ ਦੇ ਇੰਚਾਰਜਾਂ ਨੂੰ ਲਗਾਤਾਰ ਸਖਤ ਨਿਗਰਾਨੀ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਫਰੀਦਕੋਟ ਪੁਲਿਸ ਵੱਲੋਂ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਹਰ ਵੋਟਰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਬੂਥਾ ਪਰ ਪੁਲਿਸ ਫੋਰਸ ਤਾਇਨਾਤ ਕਰਨ ਦੇ ਨਾਲ-ਨਾਲ 25 ਪੈਟਰੋਲਿੰਗ ਪਾਰਟੀਆ ਵੀ ਬਣਾਈਆਂ ਗਈਆਂ ਹਨ, ਜਿੰਨਾ ਵੱਲੋਂ ਆਪਣੇ ਏਰੀਆਂ ਵਿੱਚ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸੰਵੇਦਨਸ਼ੀਲ ਪਿੰਡਾਂ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਅਤੇ ਗਹਿਰੀ ਨਿਗਰਾਨੀ ਰੱਖੀ ਜਾ ਰਹੀ ਹੈ। ਇਨ੍ਹਾਂ ਖੇਤਰਾਂ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਨਿਰਪੱਖ ਚੋਣਾਂ ਕਰਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਏਗੀ। ਡਾ. ਪ੍ਰਗਿਆ ਜੈਨ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਪਿੰਡ ਵਿੱਚ ਨਸ਼ੇ ਜਾਂ ਕਿਸੇ ਹੋਰ ਤਰ੍ਹਾਂ ਦੇ ਲਾਲਚ ਦੇ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਸ਼ਿਕਾਇਤ ਮਿਲੀ ਤਾਂ ਉਸ ’ਤੇ ਤੁਰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
