ਫ਼ਰੀਦਕੋਟ , 11 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ ਤਹਿਸੀਲਾਂ ’ਚ ਵਿਸ਼ੇਸ਼ ਕੈਂਪ ਲਾ ਕੇ ਲੰਬਿਤ ਪਏ 525 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਤਹਿਸੀਲ ਫ਼ਰੀਦਕੋਟ ਵਿਖੇ 240 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਸਬ ਤਹਿਸੀਲ ਸਾਦਿਕ ਵਿਖੇ 28, ਕੋਟਕਪੂਰਾ ਵਿਖੇ 102, ਜੈਤੋ ਵਿਖੇ 155 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 43 ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ’ਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕੰਮ ’ਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾ/ਯੋਜਨਾਵਾਂ ਦਾ ਲਾਹਾ ਹਰ ਹੀਲੇ ਬਿਨਾਂ ਕਿਸੇ ਖਜਲ-ਖੁਆਰੀ ਦੇ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ।