ਕੋਟਕਪੂਰਾ, 29 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਡਾ. ਮੋਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 28-05-2025 ਤੋਂ ਮਿਤੀ 10-06-2025 ਤੱਕ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਵਲੋਂ ਪ੍ਰਾਪਤ ਪੱਤਰ ਰਾਹੀਂ ਇਸ ਦਫਤਰ ਨੂੰ ਸੂਚਿਤ ਕੀਤਾ ਹੈ ਕਿ ਅੱਠਵੀਂ ਸ੍ਰੇਣੀ ਮਈ/ਜੂਨ-2025 ਅਨੁਪੂਰਕ ਪ੍ਰੀਖਿਆਵਾਂ ਮਿਤੀ 29/05/2025 ਤੋਂ ਮਿਤੀ 10/06/2025 ਤੱਕ ਸਵੇਰੇ 11.00 ਵਜੇ ਤੋਂ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਫਰੀਦਕੋਟ ਵਿਖੇ ਡਾ. ਮੋਹਿੰਦਰ ਬਰਾੜ ਸਾਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਪ੍ਰੀਖਿਆ ਕੇਂਦਰ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਹੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਉਕਤ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ, ਤਾਂ ਕਿ ਅਜਿਹੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।