ਕੋਟਕਪੂਰਾ, 14 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹੇ ਵਿੱਚ ਐਲ.ਪੀ.ਜੀ. ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿੱਤੀ ਦਾ ਜਾਇਜਾ ਲੈਣ ਲਈ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਹੇਠ ਤਰਲੋਚਨ ਸਿੰਘ ਡੀ.ਐਸ.ਪੀ ਵੱਲੋ ਜਿਲ੍ਹੇ ਦੇ ਸਮੂਹ ਐਲ.ਪੀ.ਜੀ. ਗੈਸ ਏਜੰਸੀ ਡੀਲਰਾਂ ਅਤੇ ਪੈਟਰੋਲ ਪੰਪ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹੇ ਵਿੱਚ ਐਲ.ਪੀ.ਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਪੈਟਰੋਲ ਪੰਪ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਸਮੂਹ ਗੈਸ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ। ਤਰਲੋਚਨ ਸਿੰਘ ਡੀ.ਐਸ.ਪੀ. ਵੱਲੋਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਗਾਹਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਉਣ ਦਿੱਤੀ ਜਾਵੇ ਅਤੇ ਸਪਲਾਈ ਨਿਯਮਾਂ ਅਨੁਸਾਰ ਸੁਚਾਰੂ ਢੰਗ ਨਾਲ ਜਾਰੀ ਰੱਖੀ ਜਾਵੇ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੱਲੋਂ ਮਾਲ ਦੀ ਘਾਟ ਪੈਦਾ ਕਰਨ ਜਾਂ ਗੈਰ-ਕਾਨੂੰਨੀ ਢੰਗ ਨਾਲ ਸਟਾਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਾਰੇ ਡੀਲਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ. ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਸਧਾਰਣ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਐਲ.ਪੀ.ਜੀ. ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਚੇਨ ਨੂੰ ਸੁਚਾਰੂ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਇਸ ਸਥਿੱਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

