ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਗਈ ਅਪੀਲ
ਕੋਟਕਪੂਰਾ, 31 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 444007 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 431518 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 888.24 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ ਅਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਆਦਿ ਨਵੀਆਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਜਾਂ ਪਰਾਲੀ ਨੂੰ ਖੇਤ ਵਿੱਚ ਖਪਾ ਕੇ ਕਰਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐਫ.ਐਸ.ਸੀ. ਗੁਰਜੀਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਬੀਤੀ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 175713.60 ਮੀਟ੍ਰਿਕ ਟਨ, ਮਾਰਕਫੈਡ ਨੇ 121148 ਮੀਟ੍ਰਿਕ ਟਨ, ਪਨਸਪ ਨੇ 81903 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 52555 ਮੀਟ੍ਰਿਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 198 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 322624 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

