ਅੱਜ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ ਵੋਟਾਂ : ਡੀ.ਸੀ.

ਕੋਟਕਪੂਰਾ, 13 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ -2025 ਲਈ ਕੋਟਕਪੂਰਾ, ਜੈਤੋ ਅਤੇ ਫਰੀਦਕੋਟ ਦੇ ਪੋਲਿੰਗ ਬੂਥਾਂ ਦਾ ਜਾਇਜਾ ਲਿਆ ਅਤੇ ਇਸ ਮੌਕੇ ਉਨ੍ਹਾਂ ਆਪਣੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਨੂੰ ਵੀ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਫਰੀਦਕੋਟ ਬਲਾਕ ਵਿੱਚ 80 ਪੋਲਿੰਗ ਸਟੇਸ਼ਨ ਤੇ 131 ਪੋਲਿੰਗ ਬੂਥ ਬਣਾਏ ਗਏ ਹਨ। ਬਲਾਕ ਕੋਟਕਪੂਰਾ ਵਿੱਚ 68 ਪੋਲਿੰਗ ਸਟੇਸ਼ਨ ਤੇ 115 ਪੋਲਿੰਗ ਬੂਥ ਅਤੇ ਜੈਤੋ ਬਲਾਕ ਵਿੱਚ 96 ਪੋਲਿੰਗ ਸਟੇਸ਼ਨ ਤੇ 168 ਪੋਲਿੰਗ ਬੂਥਾਂ ਤੇ ਵੋਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਲਿੰਗ ਬੂਥਾਂ ਤੇ ਵੋਟਾਂ ਲਈ ਲੋੜੀਂਦਾ ਪੋਲਿੰਗ ਸਟਾਫ ਤਾਇਨਾਤ ਕੀਤਾ ਗਿਆ ਹੈ, ਜੋ ਵੋਟਾਂ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੇਗਾ। ਉਨ੍ਹਾਂ ਕਿਹਾ ਕਿ ਜਿਹੜੇ ਕਰਮਚਾਰੀਆਂ ਦੀਆਂ ਡਿਊਟੀਆਂ ਪੋਲਿੰਗ ਬੂਥਾਂ ਤੇ ਲਗਾਈਆਂ ਗਈਆਂ ਹਨ, ਉਹ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਉਹ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨਿਭਾ ਸਕਣ। ਹੋਰ ਜਾਣਕਾਰੀ ਦਿੰਦਿਆ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਰਿਸ਼ਦ ਲਈ ਕੁੱਲ 10 ਜੋਨ ਹਨ, ਜਦਕਿ ਪੰਚਾਇਤ ਸੰਮਤੀਆਂ ਦੇ ਕੁੱਲ 65 ਜੋਨ ਹਨ । ਜਿਨ੍ਹਾਂ ਵਿੱਚੋਂ ਪੰਚਾਇਤ ਸੰਮਤੀ ਫ਼ਰੀਦਕੋਟ ਲਈ 21 ਜੋਨ, ਪੰਚਾਇਤ ਸੰਮਤੀ ਕੋਟਕਪੂਰਾ ਲਈ 19 ਜੋਨ ਅਤੇ ਪੰਚਾਇਤ ਸੰਮਤੀ ਜੈਤੋ ਲਈ 25 ਜੋਨ ਬਣਾਏ ਗਏ ਹਨ। ਜਿਨ੍ਹਾਂ ਵਿੱਚ ਜ਼ਿਲ੍ਹੇ ਦੇ ਕੁੱਲ 241 ਪਿੰਡ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਪੋਲਿੰਗ ਸਟੇਸ਼ਨ ਦੀ ਕੁੱਲ ਗਿਣਤੀ 244 ਹੈ, ਜਦਕਿ ਪੋਲਿੰਗ ਬੂਥਾਂ ਦੀ ਗਿਣਤੀ 414 ਹੈ। ਇਨ੍ਹਾਂ ਚੋਣਾਂ ਵਿੱਚ 3,34,547 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿੱਚੋਂ 1,75,244 ਮਰਦ ਅਤੇ ਇਕ 1,59,298 ਔਰਤਾਂ ਜਦਕਿ 5 ਤੀਜੇ ਲਿੰਗ ਦੇ ਵੋਟਰ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਚੋਣਾਂ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਈ ਗਿਣਤੀ ਕੇਂਦਰਾਂ ਤੇ ਹੋਵੇਗੀ। ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਮੇਂ ਸਿਰ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਬਿਜਲੀ, ਪੀਣ ਵਾਲੇ ਪਾਣੀ, ਖਾਣੇ ਅਤੇ ਟਾਇਲਟ ਆਦਿ ਸਮੇਤ ਬੁਨਿਆਦੀ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ। ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਲਈ ਵ੍ਹੀਲਚੇਅਰ ਅਤੇ ਸਹਾਇਕ ਸਟਾਫ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ, ਪਾਰਦਰਸ਼ੀ ਅਤੇ ਨਿਰਵਿਘਨ ਬਣਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਕੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਨਿਗਰਾਨੀ ਅਤੇ ਵਿਸ਼ੇਸ਼ ਨਜ਼ਰ ਰੱਖਣ ਲਈ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਤਾਂ ਜੋ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਂਆਂ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੇ ਹਰੇਕ ਪੜਾਅ ਵੋਟਰ ਸੂਚੀ, ਚੋਣ ਅਧਿਕਾਰੀਆਂ ਦੀ ਤਾਇਨਾਤੀ, ਬੂਥ ਸੁਵਿਧਾਵਾਂ ਅਤੇ ਸੁਰੱਖਿਆ ਪ੍ਰਬੰਧਾਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਕੁੱਲ 31 ਸੁਪਰ ਸੈਸਟਿਵ (ਅਤਿ ਸੰਵੇਦਨਸ਼ੀਲ) ਅਤੇ 80 ਪੋਲਿੰਗ ਸਟੇਸ਼ਨ ਸੈਂਸਟਿਵ (ਸੰਵੇਦਨਸ਼ੀਲ) ਐਲਾਨੇ ਗਏ ਹਨ, ਜਿੱਥੇ ਲੋੜ ਅਨੁਸਾਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ (ਜ) ਹਰਜੋਤ ਕੌਰ, ਜੀ.ਏ. ਸ. ਗੁਰਕਿਰਨਦੀਪ ਸਿੰਘ, ਐਸ.ਡੀ.ਐਮ ਕੋਟਕਪੂਰਾ ਅਤੇ ਜੈਤੋ ਸ਼੍ਰੀ ਸੂਰਜ, ਸਮੂਹ ਆਰ ਓ , ਏ ਆਰ ਓ ਵੀ ਹਾਜ਼ਰ ਸਨ।
