ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਪਟਿਆਲਾ 14 ਅਗਸਤ:(ਵਰਲਡ ਪੰਜਾਬੀ ਟਾਈਮਜ਼)
ਦੇਸ਼ ਦੀ ਆਜ਼ਾਦੀ ਸਮੇਂ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਦੇਸ਼ ਭਗਤਾਂ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ (ਰਜਿ 234) ਦੇ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੱਦੇ ਉੱਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਣ ਸਨਮਾਨ ਅਤੇ ਪ੍ਰਸ਼ਾਸਨਿਕ ਸਹਾਇਤਾ ਦੇਣੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਕੰਮਾਂ, ਕੇਸਾਂ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾ ਅਣਗਹਿਲੀ ਨਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਮੇਂ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗਾਂ ਅੰਦਰ ਰਾਸ਼ਟਰੀ ਨਾਇਕਾਂ, ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰਨ ਮਾਣ ਸਤਿਕਾਰ ਦੇਣ ਨੂੰ ਯਕੀਨੀ ਬਣਾਇਆ ਜਾਵੇ। ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨਾਲ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਪੱਧਰੀ ਸਨਮਾਨ ਸਹੂਲਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਜਥੇਬੰਦੀ ਦੇ ਆਗੂਆਂ ਨੇ ਆਜ਼ਾਦੀ ਦਿਵਸ ਸਮਾਰੋਹ ਦੋਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣ ਦੀ ਗੱਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਅਗਸਤ ਸਮਾਗਮ ਵਿਸ਼ੇਸ਼ ਤੌਰ ‘ਤੇ ਆਜ਼ਾਦੀ ਸੰਗਰਾਮੀਆ, ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਵਨਾ ਨਾਲ ਮਨਾਇਆ ਜਾਂਦਾ ਹੈ। ਸੁਤੰਤਰਤਾ ਸੰਗਰਾਮੀ ਜਥੇਬੰਦੀ ਦੇ ਆਗੂਆਂ ਨੇ ਮੀਟਿੰਗ ਉਪਰੰਤ ਆਜ਼ਾਦੀ ਘੁਲਾਟੀਆਂ ਦੀ ਭਲਾਈ ਵਾਸਤੇ ਇਕ ਵਿਸ਼ੇਸ਼ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ। ਆਜ਼ਾਦੀ ਘੁਲਾਟੀਆਂ ਦੇ ਵਫ਼ਦ ਵਿੱਚ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ, ਲੈਕਚਰਾਰ ਚਰਨਜੀਤ ਸਿੰਘ ਭੁੱਲਰ, ਰਾਜ ਕੰਵਰ ਸੰਧੂ ਜੂਨੀਅਰ ਵਰਲਡ ਚੈਂਪੀਅਨ ਸ਼ੂਟਰ, ਬਾਬਾ ਭੁਪਿੰਦਰ ਸਿੰਘ ਸਰਪ੍ਰਸਤ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਅਜੇ ਖੰਨਾ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ, ਉਪ ਮੰਡਲ ਅਫ਼ਸਰ ਸਮੇਤ ਜ਼ਿਲ੍ਹਾ ਸਿੱਖਿਆ ਅਧਿਕਾਰੀ, ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਨਗਰ ਨਿਗਮ, ਡੀ ਡੀ ਪੀ ਉ, ਮੰਡੀ ਬੋਰਡ, ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ।

