ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਕੀਤਾ ਉਤਸਾਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਕੁਲਦੀਪ ਸਿੰਘ ਦੀ ਕੀਤੀ ਸ਼ਲਾਘਾ
ਬਠਿੰਡਾ 7 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਅਮਨੀਤ ਕੌਂਡਲ ਨੇ ਜ਼ਿਲ੍ਹੇ ਦੇ ਪਿੰਡ ਭੁੱਚੋ ਕਲਾਂ, ਪੂਹਲੀ ਤੇ ਪੂਹਲਾ ਸਮੇਤ ਅਤੇ ਹੋਰ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭਸੰਭਾਲ ਦੇ ਮੱਦੇਨਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਥੇ ਉਤਸ਼ਾਹਿਤ ਕੀਤਾ ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਪਿੰਡਾਂ ਦੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਗੱਲਬਾਤ ਕਰਦਿਆ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਕੋਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਆਧੁਨਿਕ ਮਸ਼ੀਨਰੀ ਲੈ ਸਕਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਲਸਟਰ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਨੂੰ ਤੁਰੰਤ ਬੇਲਰ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੇ ਮੁੱਦੇਨਜ਼ਰ ਟਰਾਂਸਪੋਟੇਸ਼ਨ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਭੁੱਚੋ ਕਲਾਂ ਦੇ ਵਾਤਾਵਰਨ ਪ੍ਰੇਮੀ ਕਿਸਾਨ ਕੁਲਦੀਪ ਸਿੰਘ, ਜੋ ਪਿਛਲੇ 2 ਸਾਲਾਂ ਤੋਂ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ, ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹੋਰਨਾਂ ਕਿਸਾਨਾਂ ਨੂੰ ਵੀ ਜਾਗਰੂਕ ਤੇ ਪ੍ਰੇਰਿਤ ਕਰਨ ਕਿ ਉਹ ਵੀ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤ ਵਿੱਚ ਹੀ ਮਿਲਾਉਣ ਜਾ ਹੋਰ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ।
ਇਸ ਮੌਕੇ ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ 2 ਸਾਲਾਂ ਤੋਂ ਝੋਨੇ ਪਰਾਲੀ ਨੂੰ ਅੱਗ ਨਹੀਂ ਲਗਾਈ, ਜਿਸ ਨਾਲ ਉਸ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਕਾਇਮ ਰਹੀ ਹੈ ਅਤੇ ਉਸ ਦੀ ਫਸਲ ਦਾ ਝਾੜ ਵੀ ਵੱਧ ਆਇਆ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦੇ ਨਾਲ ਹੀ ਵਾਤਾਵਰਨ ਵੀ ਪ੍ਰਦੂਸਿਤ ਹੋਣ ਤੋਂ ਬਚੇਗਾ।

