ਕਿਹਾ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਗੋਨਿਆਣਾ (ਬਠਿੰਡਾ), 9 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ ਗੋਨਿਆਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਿਲ੍ਹੇ ਦੇ ਪਿੰਡ ਅਕਲੀਆਂ ਕਲਾਂ ਦੇ ਕਿਸਾਨ ਮਹਾਂ ਸਿੰਘ ਦੀ ਪਹਿਲੀ ਝੋਨੇ ਦੀ ਢੇਰੀ ਆੜਤੀਏ ਸੀਤਾ ਰਾਮ/ਭੋਲਾ ਰਾਮ ਨੇ ਖਰੀਦੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਕੁੱਲ 182 ਮੁੱਖ ਯਾਰਡ, ਸਬ ਯਾਰਡ ਅਤੇ ਖਰੀਦ ਕੇਂਦਰ ਹਨ, ਜਿੰਨ੍ਹਾਂ ਚੋਂ ਹੁਣ ਤੱਕ ਸਿਰਫ਼ 7 ਮੁੱਖ ਮੰਡੀਆਂ ਚ ਹੀ 413 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਆਪ ਆਗੂ ਹਰਸਿਮਰਨ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ ਤੋਂ ਇਲਾਵਾ ਆੜਤੀਏ ਤੇ ਕਿਸਾਨ ਆਦਿ ਹਾਜ਼ਰ ਸਨ।
—