ਕੋਟਕਪੂਰਾ, 27 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹੇ ਦੇ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਲੱਸਟਰ ਅਫਸਰ ਪਿੰਡਾਂ ਵਿੱਚ ਰੋਜ਼ਾਨਾ ਦੌਰਾ ਕਰਨ ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾਉਣ। ਖ਼ਾਸ ਧਿਆਨ ਉਹਨਾਂ ਕਿਸਾਨਾਂ ‘ਤੇ ਦਿੱਤਾ ਜਾਵੇ ਜਿਨ੍ਹਾਂ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਲਗਾਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਤਾਕਤ ਵੀ ਘਟਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਪੱਧਰ ‘ਤੇ ਪੰਚਾਇਤ ਮੈਂਬਰਾਂ, ਆਂਗਨਵਾੜੀ ਵਰਕਰਾਂ, ਆਸ਼ਾ ਵਰਕਰਾਂ, ਮਨਰੇਗਾ ਵਰਕਰਾਂ ਅਤੇ ਸਹਿਕਾਰੀ ਸਭਾਵਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਗਿਆ ਹੈ। ਇਹ ਸਾਰੇ ਮਿਲ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਵਾਲੀ ਮਸ਼ੀਨਰੀ ਜਿਵੇਂ ਹੈਪੀ ਸੀਡਰ, ਸੁਪਰ ਐਸਐਮਐਸ ਤੇ ਬੇਲਰ ਆਦਿ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇਸ ਨਾਲ ਨਾ ਸਿਰਫ਼ ਪਰਾਲੀ ਦਾ ਸਹੀ ਪ੍ਰਬੰਧਨ ਹੋਵੇਗਾ, ਸਗੋਂ ਕਿਸਾਨਾਂ ਦਾ ਖਰਚਾ ਵੀ ਘਟੇਗਾ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰਿਮੋਟ ਸੈਂਸਰਿੰਗ ਰਾਹੀਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਿਗਰਾਨੀ ਰੱਖੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ, ਐਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ ਸੁਭਕਰਮਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਲੱਸਟਰ ਅਫਸਰ, ਨੋਡਲ ਅਫਸਰ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ