ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ- ਹਿਮਾਂਸ਼ੂ ਜੈਨ
ਸਮਾਣਾ/ ਪਟਿਆਲਾ, 22 ਨਵੰਬਰ: (ਵਰਲਡ ਪੰਜਾਬੀ ਟਾਈਮਜ਼)
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਐਕਸ-ਸੀਟੂ (Ex-Situ) ਵਿਧੀ ਰਾਹੀਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਜਾਇਜ਼ਾ ਲਿਆ ਅਤੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਤਕਨੀਕੀ ਨੁਕਤੇ ਸਾਂਝੇ ਕੀਤੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਪਿੰਡ ਲਾਲਗੜ੍ਹ ਵਿਖੇ ਇਨ-ਸੀਟੂ (In-Situ) ਵਿਧੀ ਰਾਹੀਂ ਕੀਤੀ ਜਾ ਰਹੀ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਇਸ ਵਿਧੀ ਦੇ ਲਾਭਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਦਿਆਂ ਕਣਕ ਦੀ ਬਿਜਾਈ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਹੀ ਮਿਲਾਉਣ ਨੂੰ ਤਰਜੀਹ ਦੇਣ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ, ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਿਸਾਨਾਂ ਅਤੇ ਵਾਤਾਵਰਨ ਦੋਵਾਂ ਦੇ ਹਿੱਤ ਵਿੱਚ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦਾ ਬੀਜ 50 ਫ਼ੀਸਦੀ ਸਬਸਿਡੀ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਉਤਸ਼ਾਹਿਤ ਕੀਤਾ ਜਾ ਸਕੇ।ਇਸ ਤੋਂ ਇਲਾਵਾ ਓਹਨਾ ਦਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਵਿਭਾਗ ਵੱਲੋਂ ਵੱਖ ਵੱਖ ਮਸ਼ੀਨਾਂ ਜਿਵੇਂ ਸੁਪਰਸੀਡਰ , ਮਲਚਰ, ਬੇਲਰ ਅਤੇ ਪਲਟਾਂਵੇਂ ਹਲ ਸਬਸੀਡੀ ਉਪਰ ਕਿਸਾਨਾਂ ਨੂੰ ਦਿੱਤੇ ਜਾਂਦੇ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸਮਾਣਾ ਸਤੀਸ਼ ਕੁਮਾਰ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ, ਜਗਦੀਪ ਸਿੰਘ, ਸਰਪੰਚ ਅੰਮ੍ਰਿਤ ਕੌਰ, ਗੁਰਪ੍ਰਤਾਪ ਸਿੰਘ, ਅੰਮ੍ਰਿਤਪਾਲ ਸਿੰਘ, ਅਜਮੇਰ ਸਿੰਘ, ਅਸ਼ੋਕੀ ਰਾਮ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ, ਨਿਸ਼ਾਂਤ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

