ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਈ.ਟੀ.ਟੀ. ਕਾਡਰ ਅਤੇ ਮਾਸਟਰ ਕਾਡਰ ਦੇ ਤਰੱਕੀ ਤੋਂ ਵਾਂਝੇ ਅਧਿਆਪਕਾਂ ਨੂੰ ਤਰੱਕੀ ਦੇਣ ਸਮੇਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਧੱਕੇ ਨਾਲ ਇਨ੍ਹਾਂ ਅਧਿਆਪਕਾਂ ਨੂੰ ਆਪਣੇ ਪਿੱਤਰੀ ਜ਼ਿਲਿਆਂ ਤੋਂ ਬਾਹਰ ਦੂਰ ਦੁਰਾਡੇ ਸਟੇਸ਼ਨ ਦਿੱਤੇ ਗਏ। ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ ਅਧਿਆਪਕਾਂ ਵਿੱਚ ਭਾਰੀ ਰੋਸ ਫ਼ੈਲਿਆ। ਪ੍ਰਤੀਨਿਧ ਅਧਿਆਪਕ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਵਿਭਾਗ ਦੀ ਤਰੱਕੀ ਨੀਤੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਧਿਆਪਕ ਜੱਥੇਬੰਦੀਆਂ ਦੇ ਫਰੀਦਕੋਟ ਇਕਾਈ ਦੇ ਆਗੂਆਂ ਸੁਖਵਿੰਦਰ ਸੁੱਖੀ ਅਤੇ ਪ੍ਰੇਮ ਚਾਵਲਾ ਦੀ ਅਗਵਾਈ ਵਿੱਚ ਅੱਜ ਫਰੀਦਕੋਟ ਵਿਖੇ ਜਿਲ੍ਹੇ ਦੀਆਂ ਜੱਥੇਬੰਦੀਆਂ ਡੀ.ਟੀ.ਐਫ. ਅਤੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਪਿਛਲੇ ਦਿਨੀਂ ਉਪਰੋਕਤ ਮਸਲਿਆਂ ਤੇ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਸਮੇਂ ਮੰਤਰੀ ਦੇ ਅੜੀਅਲ ਵਤੀਰੇ ਅਤੇ ਮੀਟਿੰਗ ਵਿਚਕਾਰ ਛੱਡੇ ਜਾਣ ਦੇ ਵਿਰੋਧ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਘਰ ਅੱਗੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਆਗੂਆਂ ਵੱਲੋਂ ਵਿਭਾਗ ਦੀਆਂ ਤਾਨਾਸ਼ਾਹੀ ਨੀਤੀਆਂ ਦੀ ਜੋਰਦਾਰ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਸਿੱਖਿਆ ਅਤੇ ਸਿਹਤ ਦੇ ਖ਼ੇਤਰ ਵਿੱਚ ਇਨਕਲਾਬੀ ਤਬਦੀਲੀ ਦੀਆਂ ਟਾਹਰਾਂ ਮਾਰਨ ਵਾਲੀ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਬੁਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਲਗਭਗ 2400 ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਵਿਚ ਮਰਜ਼ ਕਰਨ ਦਾ ਫੈਸਲਾ ਕੀਤਾ ਜਾ ਚੁੱਕਾ ਹੈ। ਜਿਸ ਤਹਿਤ ਪੇਂਡੂ ਖੇਤਰ ਦੇ ਲੋੜਵੰਦ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰਾ ਖੜ੍ਹਾ ਹੋ ਗਿਆ ਹੈ।