*- ਪਸ਼ੂਆਂ ਦੀ ਸੰਤੁਲਿਤ ਖੁਰਾਕ, ਚਾਰੇ ਦੀ ਮਹੱਤਤਾ, ਪਸ਼ੂਆਂ ਦੀ ਸਹੀ ਦੇਖਭਾਲ ਬਾਰੇ ਵੀ ਦਿੱਤੀ ਜਾਣਕਾਰੀ*
ਲੁਧਿਆਣਾ, 29 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਦੁੱਧ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਜਿਸਦੇ ਤਹਿਤ ਪਿੰਡ ਰਤੀਪੁਰ, ਬਲਾਕ ਮਾਛੀਵਾੜਾ ਸਾਹਿਬ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਡੇਅਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਪਸ਼ੂਆਂ ਦੀ ਸੰਤੁਲਿਤ ਖੁਰਾਕ, ਚਾਰੇ ਦੀ ਮਹੱਤਤਾ, ਪਸ਼ੂਆਂ ਦੀ ਸਹੀ ਦੇਖਭਾਲ ਅਤੇ ਪ੍ਰਬੰਧਨ ਤੋਂ ਇਲਾਵਾ ਡੇਅਰੀ ਕਰਜ਼ਾ ਕੇਸਾਂ ਸਬੰਧੀ ਵੀ ਡੇਅਰੀ ਫਾਰਮਰਾਂ ਨੂੰ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਧੁਨਿਕ ਤਰੀਕਿਆਂ ਨਾਲ ਡੇਅਰੀ ਫਾਰਮਿੰਗ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਕੈਂਪ ਦੌਰਾਨ ਰਿਟਾਇਰਡ ਚੀਫ਼ ਐਗਰੀਕਲਚਰ ਅਫਸਰ ਡਾ. ਬਲਦੇਵ ਸਿੰਘ, ਆਡਵਨਟਾ ਕੰਪਨੀ ਵੱਲੋਂ ਰਾਸ਼ਿਦ, ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ ਅਤੇ ਸੁਖਵਿੰਦਰ ਸਿੰਘ ਵੱਲੋਂ ਦੁੱਧ ਉਤਪਾਦਕਾਂ ਨੂੰ ਡੇਅਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ।

