ਸੱਤਵੀਂ ਚੇਤਨਾ ਪਰਖ਼ ਪ੍ਰੀਖਿਆ ਅਕਤੂਬਰ ਦੇ ਪਹਿਲੇ ਹਫਤੇ – ਤਰਕਸ਼ੀਲ
ਸੰਗਰੂਰ 25 ਸਤੰਬਰ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼)
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਦੀ ਇਕੱਤਰਤਾ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਪ੍ਰਧਾਨਗੀ ਵਿੱਚ ਸਥਾਨਕ ਬੀਐਸਐਨਐਲ ਪਾਰਕ ਵਿਖੇ ਹੋਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਸੂਬੇ ਕਮੇਟੀ ਨੇ ਹੜ੍ਹਾਂ ਕਾਰਨ ਮੁਲਤਵੀ ਕੀਤੀ ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਅਕਤੂਬਰ ਦੇ ਪਹਿਲੇ ਹਫਤੇ ਕਰਵਾਉਣ ਦਾ ਫੈਸਲਾ ਕੀਤਾ ਹੈ।ਪੀਟੀਐਮ ਦੀ ਮਿਤੀ ਉਡੀਕ ਕੇ ਪ੍ਰੀਖਿਆ ਦੀ ਮਿਤੀਆਂ ਅਨਾਊਂਂਸ ਕਰ ਦਿਤੀਆਂ ਜਾਣਗੀਆਂ। ਮੀਟਿੰਗ ਵਿੱਚ ਦੱਸਿਆ ਗਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਜ਼ੋਰਦਾਰ ਮੰਗ ਕੀਤੀ ਜਾਵੇਗੀ ਕਿ ਹੜ੍ਹਾਂ ਦੌਰਾਨ ਵਿਦਿਆਰਥੀਆਂ,ਮਾਪਿਆਂ ਅਤੇ ਸਕੂਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਸਮੇਤ 2025-2026 ਦੇ ਪੂਰੇ ਸੈਸ਼ਨ ਦੀ ਫੀਸ ਮੁਆਫ਼ ਕੀਤੀ ਜਾਵੇ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਅਤੇ ਸਟੇਸ਼ਨਰੀ ਮੁੱਹਈਆ ਕਰਵਾਈ ਜਾਵੇ।ਇਸ ਸੰਬੰਧੀ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਨੇ ਦੱਸਿਆ ਕਿ ਇਸ ਸੰਬੰਧੀ ਤਰਕਸ਼ੀਲ ਸੁਸਾਇਟੀ ਦੇ ਵਫਦ ਵੱਲੋਂ ਬਹੁਤ ਜਲਦ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਜਾਵੇਗਾ।ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਹੜ੍ਹਾਂ ਦੀ ਤਬਾਹੀ ਤੋਂ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਦੇ ਕੇ ਵਿਦਿਆਰਥੀਆਂ ਦੀਆਂ ਫੀਸਾਂ ਮੁਆਫ਼ ਕਰਨ ਅਤੇ ਵੱਡੇ ਪੱਧਰ ਤੇ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਪੀੜ੍ਹਤ ਖੇਤ ਮਜ਼ਦੂਰਾਂ,ਕਿਸਾਨਾਂ, ਦਲਿਤਾਂ, ਬੇਜ਼ਮੀਨਿਆਂ ਅਤੇ ਗਰੀਬ ਵਰਗਾਂ ਦੇ ਲੋਕਾਂ ਨੂੰ ਜਲਦ ਤੋਂ ਜਲਦ ਯੋਗ ਮੁਆਵਜ਼ਾ ਦੇਣ ਅਤੇ ਮੁੜ ਵਸੇਬਾ ਕਰਨ ਦੀ ਮੰਗ ਕੀਤੀ ਜਾਵੇਗੀ।
ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਕ੍ਰਿਸ਼ਨ ਸਿੰਘ ਗੁਰਦੀਪ ਸਿੰਘ ਤੇ ਪ੍ਰਗਟ ਸਿੰਘ ਬਾਲੀਆਂ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਵੱਲੋਂ ਸੂਬਾਈ ਪੱਧਰ ਤੇ ਇਕੱਠੀ ਕੀਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਪੰਜਾਬ ਦੇ ਵੱਖ ਵੱਖ ਇਲਾਕਿਆਂ ਦੇ ਹੜ੍ਹ ਪੀੜਤ ਵਿਦਿਆਰਥੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ 10 ਲੱਖ ਰੁਪਏ ਦੀਆਂ ਸਟੇਸ਼ਨਰੀ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਹੁਸ਼ਿਆਰਪੁਰ ਵਿਖੇ ਬੱਚੇ ਦੇ ਕਾਤਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਜ਼ੋਰਦਾਰ ਮੰਗ ਕਰਨ ਦੇ ਇਲਾਵਾ ਪੰਜਾਬ ਸਰਕਾਰ ਤੋਂ ਪ੍ਰਵਾਸੀ ਮਜ਼ਦੂਰਾਂ ਵਿਰੁੱਧ ਫਿਰਕੂ ਹਿੰਸਕ ਹਮਲਿਆਂ ਨੂੰ ਸਖਤੀ ਨਾਲ ਰੋਕਣ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ ਗਈ।
ਤਰਕਸ਼ੀਲ ਆਗੂਆਂ ਮਾਸਟਰ ਗੁਰਜੰਟ ਸਿੰਘ, ਜਸਦੇਵ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ ,ਇਕਬਾਲ ਕੌਰ, ਪਰਮਜੀਤ ਕੌਰ ਨੇ ਵਿਚਾਰ ਵਟਾਂਦਰਾ ਕਰਦਿਆਂ ਦੱਸਿਆ ਕਿ ਆਪਣੇ ਕਾਡਰ ਨੂੰ ਹੋਰ ਵੱਧ ਸਰਗਰਮ ਕਰਨ ਹਿੱਤ ਜੋਨ ਪੱਧਰ ਤੇ ਬੌਧਿਕ ਵਿਚਾਰਧਾਰਕ ਸਿਖਲਾਈ ਵਰਕਸ਼ਾਪ ਲਗਾਉਣ ਅਤੇ ਤਰਕਸ਼ੀਲ਼ ਸਾਹਿਤ ਵੈਨ ਨੂੰ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ,ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਨਿਰਧਾਰਤ ਰੂਟ ਅਨੁਸਾਰ ਪ੍ਰਦਰਸ਼ਿਤ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ।