ਘਟੀਆ ਮਿਆਰ ਦੀ ਕਰੀਬ 50 ਕਿਲੋ ਮਠਿਆਈ ਮੌਕੇ ’ਤੇ ਕਰਵਾਈ ਨਸ਼ਟ
ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੀਆਂ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵੱਲੋਂ ਜੈਤੋ ਅਤੇ ਬਾਜਾਖਾਨਾ ਵਿਖੇ ਹਲਵਾਈ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫ਼ਟੀ ਅਫ਼ਸਰ ਨਵਦੀਪ ਚਾਹਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੱਖ-ਵੱਖ ਦੁਕਾਨਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜੇ ਗਏ। ਉਨ੍ਹਾਂ ਦੱਸਿਆ ਕਿ ਜੈਤੋ ਵਿਖੇ ਜਾਂਚ ਦੌਰਾਨ ਘਟੀਆ ਮਿਆਰ ਦੀ ਕਰੀਬ 50 ਕਿਲੋ ਮਠਿਆਈ ਮੌਕੇ ’ਤੇ ਹੀ ਨਸ਼ਟ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ, ਸਟੋਰ ਕਰਨ ਅਤੇ ਵੇਚਣ ਸਮੇਂ ਸਫ਼ਾਈ ਦੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਇਸ ਦੇ ਨਾਲ ਹੀ ਦੁਕਾਨਾਂ ਅਤੇ ਰਸੋਈ ਵਾਲੀਆਂ ਥਾਵਾਂ ਦੀ ਸਫ਼ਾਈ ਰੱਖਣ, ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ ਅਤੇ ਖੁਰਾਕੀ ਵਸਤਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਫੂਡ ਸੇਫ਼ਟੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਤੇ ਮਿਲਾਵਟੀ ਜਾਂ ਗੈਰ-ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।

