ਪੰਜਾਬ ਰਾਜ ਡੀ.ਏ. ਦੇ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਬਹੁਤ ਸਾਰੇ ਰੱਜਾਂ ਨਾਲੋਂ ਬੁਰੀ ਤਰ੍ਹਾਂ ਪਛੜਿਆ : ਆਗੂ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦੀਆਂ ਪੰਜ ਕਿਸ਼ਤਾਂ ਅਤੇ 16 ਫੀਸਦੀ ਘੱਟ ਮਿਲ ਰਿਹੈ ਡੀ.ਏ. : ਆਗੂ
ਕੋਟਕਪੂਰਾ, 2 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ 3 ਫੀਸਦੀ ਦੀ ਦਰ ਨਾਲ 1 ਜੁਲਾਈ 2025 ਤੋਂ 55 ਫੀਸਦੀ ਤੋਂ ਵਧਾ ਕੇ 58 ਫੀਸਦੀ ਕਰ ਦਿੱਤਾ ਗਿਆ ਹੈ। ਪੰਜਾਬ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਕਾਫੀ ਸਮੇਂ ਤੋਂ 42 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਲੈ ਰਹੇ ਹਨ ਅਤੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ ਏ ਦੀਆਂ ਪੰਜ ਕਿਸ਼ਤਾਂ ਪੰਜਾਬ ਸਰਕਾਰ ਵੱਲ ਪੈਂਡਿੰਗ ਹੋ ਗਈਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਲਗਭਗ ਇੱਕ ਸਾਲ ਪਹਿਲਾਂ ਭਾਵ 1ਨਵੰਬਰ 2024 ਤੋਂ ਬਾਅਦ ਡੀ ਏ ਵਿੱਚ ਇੱਕ ਧੇਲੇ ਦਾ ਵੀ ਵਾਧਾ ਨਹੀਂ ਕੀਤਾ। ਇਸ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਵੱਲੋਂ ਹਰ ਰੋਜ਼ ਮੀਡੀਏ ਵਿੱਚ ਫੋਕੀ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਜਾ ਰਹੇ ਹਨ। ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਡੀ ਏ ਦੀਆਂ ਬਕਾਇਆ ਪਈਆਂ ਪੰਜ ਕਿਸ਼ਤਾਂ ਦੇ ਹਿਸਾਬ ਨਾਲ ਤੁਰੰਤ ਬਣਦਾ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 58 ਫੀਸਦੀ ਕੀਤਾ ਜਾਵੇ ਅਤੇ ਪਿਛਲੀਆਂ ਸਾਰੀਆਂ ਕਿਸਤਾਂ ਦਾ ਰਹਿੰਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ। ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 12 ਅਕਤੂਬਰ ਨੂੰ ਸਮੂਹਿਕ ਵਫਦਾਂ ਦੇ ਰੂਪ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਸੰਜੀਵ ਅਰੋੜਾ, ਹਰਜੋਤ ਸਿੰਘ ਬੈਂਸ, ਡਾਕਟਰ ਬਲਜੀਤ ਕੌਰ, ਲਾਲਜੀਤ ਸਿੰਘ ਭੁੱਲਰ, ਰਵੀਜੋਤ ਸਿੰਘ , ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਰੋਸ ਪੱਤਰ ਅਤੇ ਅਗਲੇ ਸੰਘਰਸ਼ਾਂ ਦੇ ਨੋਟਿਸ ਦਿੱਤੇ ਜਾਣਗੇ।ਆਗੂਆਂ ਨੇ ਅੱਗੇ ਦੱਸਿਆ ਕਿ ਸਾਰੇ ਪ੍ਰੋਗਰਾਮਾਂ ਦੀ ਕਾਮਯਾਬੀ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੀ ਸੂਬਾਈ ਮੀਟਿੰਗ ਮਿਤੀ 5 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸੱਦੀ ਗਈ ਹੈ।