ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਲਈ ਮੁੱਖ ਖੇਤੀਬਾੜੀ ਅਫਸਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ’ਚ ਸਪੀਕਰ ਸੰਧਵਾਂ ਹੋਣਗੇ ਮੁੱਖ ਮਹਿਮਾਨ
ਕੋਟਕਪੂਰਾ 8 ਜੂਨ (ਟਿੰਕੂ ਕੁਮਾਰ/ ਵਰਲਡ ਪੰਜਾਬੀ ਟਾਈਮਜ਼)
ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋ ਰਹੇ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲਾ ਫਰੀਦਕੋਟ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਅਤੇ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਢੀਂਗਰਾ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਲਗਾਇਆ ਜਾਵੇਗਾ, ਜਿਸ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ.ਅਵੀਨਿੰਦਰ ਸਿੰਘ ਬਾਹੀਆ, ਡਾ. ਚਰਨਜੀਤ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ, ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਸਮੇਤ ਸਮੂਹ ਅਧਿਕਾਰੀ ਹਾਜ਼ਰ ਸਨ। ਮੀਟਿੰਗ ’ਚ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਨਰਮੇ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ ਮਿਤੀ 12 ਜੂਨ 2024 ਦਿਨ ਬੁੱਧਵਾਰ ਨੂੰ ਅਤਿ ਦੀ ਪੈ ਰਹੀ ਗਰਮੀ ਅਤੇ ਕਿਸਾਨਾਂ ਦੀ ਸਹੂਲਤ ਲਈ ਢੀਂਗਰਾ ਪੇਲੇਸ ਕੋਟਕਪੂਰਾ ਫਰੀਦਕੋਟ ਵਿਖੇ ਲਗਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮੇਲੇ ’ਚ ਮਾਨਯੋਗ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਹੋਣਗੇ। ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਅਮੋਲਕ ਸਿੰਘ ਜੈਤੋ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਹਨਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਕਰਨਗੇ ਅਤੇ ਪ੍ਰਧਾਨਗੀ ਸੰਯੁਕਤ ਨਿਰਦੇਸ਼ਕ (ਪੌਦ ਸੁਰੱਖਿਆ) ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਕਰਨਗੇ। ਉਹਨਾਂ ਦੱਸਿਆ ਕਿ ਇਸ ਮੌਕੇ ਇਸ ਮੇਲੇ ਦਾ ਮੁੱਖ ਉਦੇਸ਼ “ਰੱਬੀ ਦਾਤਾਂ ਬਚਾਈਏ, ਝੋਨੇ ਦੀ ਪਰਾਲੀ ਨੂੰ ਖੇਤ ’ਚ ਵਾਹੀਏ” ਹੋਵੇਗਾ ਤਾਂ ਜੋ ਸਾਲ 2024 ਦੌਰਾਨ ਜ਼ਿਲਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨੂੰ ਸ਼ਾੜਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲੈ ਕੇ ਆ ਸਕੀਏ। ਉਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਂਣਾ ਅਤੇ ਖੇਤੀਬਾਵੀ ਵਿਭਾਗ ਦੇ ਖੇਤੀ ਮਾਹਿਰ, ਅਗਾਂਹਵਧੂ ਕਿਸਾਨ, ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਅਤੇ ਆਪਣੇ ਤਜ਼ਰਬੇ ਸਾਂਜੇ ਕਰਕੇ ਤਕਨੀਕੀ ਜਾਣਕਾਰੀ ਦੇਣਗੇ। ਉਹਨਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਸਿਹਤ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ, ਸਹਿਕਾਰਤਾ ਵਿਭਾਗ, ਬੈਂਕ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਉਹਨਾਂ ਸਮੂਹ ਖੇਤੀਬਾੜੀ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ’ਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ। ਉਹਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲਾਏ ਜਾ ਰਹੇ ਕਿਸਾਨ ਮੇਲੇ ’ਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।