ਕੋਟਕਪੂਰਾ, 25 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਡਾਕਟਰ ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੋਸ਼ਣ ਪਖਵਾੜਾ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਸਕੂਲ ਵਿੱਚ ਭਾਸ਼ਣ ਮੁਕਾਬਲੇ ਕਲਾ ਮੁਕਾਬਲੇ, ਚਿੱਤਰਕਾਰੀ ਮੁਕਾਬਲੇ ਅਤੇ ਤੰਦਰੁਸਤੀ ਨੂੰ ਪ੍ਰਗਟਾਉਂਦੇ ਹੋਏ ਨਾਟਕ ਖੇਡੇ ਗਏ। ਇਸ ਉਪਰੰਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਉਕਤ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਉਣ ਅਤੇ ਪੋਸ਼ਣ ਭਰਪੂਰ ਭੋਜਨ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਦੈਨਿਕ ਖੁਰਾਕ ਵਿੱਚ ਹਰੇ ਪੱਤੇਦਾਰ ਸਬਜ਼ੀਆਂ, ਫਲ, ਦੁੱਧ ਅਤੇ ਦਾਲਾਂ ਨੂੰ ਸ਼ਾਮਿਲ ਕਰਨ। ਉਹਨਾਂ ਨੇ ਕਿਹਾ ਕਿ ਪੋਸ਼ਣ ਹੀ ਸਰੀਰਕ ਅਤੇ ਮਾਨਸਿਕ ਵਿਕਾਸ ਦੀ ਕੁੰਜੀ ਹੈ। ਇਸ ਮੁਹਿਮ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਪੋਸ਼ਣ ਪ੍ਰਤੀ ਚੰਗੀ ਸੋਚ ਵਿਕਸਿਤ ਕੀਤੀ। ਦਸਮੇਸ਼ ਗਰੁੱਪ ਆਫ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਆਪਣੇ ਸੰਦੇਸ਼ ਵਿੱਚ ਬੱਚਿਆਂ ਨੂੰ ਸਿਹਤ ਸਬੰਧੀ ਭਵਿੱਖ ਵਿੱਚ ਅਜਿਹੇ ਹੋਰ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਉਤਸਾਹਿਤ ਕੀਤਾ।