ਕੋਟਕਪੂਰਾ, 28 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਾਣਾ ਵੱਲੋਂ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਦੇ ਵਿਕਾਸ ਅਤੇ ਆਤਮ ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਲਈ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਵੱਖ- ਵੱਖ ਵਿਸ਼ਿਆਂ ’ਤੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ। ਉਨ੍ਹਾਂ ਦੀ ਉਚਾਰਣ ਸ਼ੈਲੀ, ਆਤਮ ਵਿਸ਼ਵਾਸ ਅਤੇ ਵਿਸ਼ੇ ’ਤੇ ਪਕੜ ਕਾਬਿਲ-ਏ-ਤਾਰੀਫ਼ ਰਹੀ। ਜਜਮੈਂਟ ਦੀ ਭੂਮਿਕਾ ਮੈਡਮ ਮਧੂ ਗੇਰਾ, ਗੁਰਬਖਸ਼ ਕੌਰ (ਦਸਮੇਸ਼ ਕਾਨਵੈਂਟ ਸਕੂਲ, ਭਾਣਾ) ਵੱਲੋਂ ਨਿਭਾਈ ਗਈ। ਮੁਕਾਬਲੇ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਵੀਰਪਾਲ ਕੌਰ ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਅੰਗਰੇਜ਼ੀ ਭਾਸ਼ਾ ਦਾ ਗਿਆਨ ਬਹੁਤ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੀ ਭਾਸ਼ਾਈ ਯੋਗਤਾ ਅਤੇ ਵਿਅਕਤੀਗਤ ਵਿਕਾਸ ਲਈ ਇਸ ਤਰ੍ਹਾਂ ਦੇ ਕਾਰਜਕ੍ਰਮ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਕੁਲਵਿੰਦਰ ਕੌਰ ਧਾਲੀਵਾਲ, ਵਾਈਸ ਪ੍ਰਿੰਸੀਪਲ ਕਰਮਜੀਤ ਕੌਰ ਹਾਜ਼ਰ ਸਨ। ਸਟੇਜ ਸੰਚਾਲਨ ਦੀ ਭੂਮਿਕਾ ਵੀਰਾਪਲ ਕੌਰ ਨੇ ਨਿਭਾਈ। ਪ੍ਰੋਗਰਾਮ ਪ੍ਰਬੰਧਕ ਰਿੰਪਲ ਰਾਣੀ, ਲਵਪ੍ਰੀਤ ਸਿੰਘ ਅਤੇ ਸਮੁੱਚੇ ਸਟਾਫ਼ ਦੇ ਯਤਨਾਂ ਸਦਕਾ ਇਹ ਸਮਾਗਮ ਸਫ਼ਲਤਾ ਪੂਰਵਕ ਸੰਪੰਨ ਹੋਇਆ। ਇਹ ਮੁਕਾਬਲਾ ਵਿਦਿਆਰਥੀਆਂ ਲਈ ਬਹੁਤ ਹੀ ਪ੍ਰੇਰਣਾਦਾਇਕ ਸਾਬਤ ਹੋਇਆ।

