ਕੋਟਕਪੂਰਾ, 9 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੀ ਹੋਣਹਾਰ ਵਿਦਿਆਰਥਣ ਨਵਜੋਤ ਕੌਰ ਨੇ ਆਈ.ਏ.ਐਸ. ਅਧਿਕਾਰੀ ਵਜੋਂ ਭਾਰਤ ਦੇ ਗ੍ਰਹਿ ਮੰਤਰੀ ਮਾਣਯੋਗ ਅਮਿਤ ਸ਼ਾਹ ਦੇ ਵਧੀਕ ਸਕੱਤਰ ਵਜੋਂ ਸੇਵਾ ਨਿਭਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਨਵਜੋਤ ਕੌਰ ਵਿਸ਼ੇਸ਼ ਤੌਰ ‘ਤੇ ਆਪਣੇ ਪੁਰਾਣੇ ਸਕੂਲ ਪਹੁੰਚੀ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਤਜਰਬਿਆਂ ਅਤੇ ਸਫ਼ਲਤਾ ਦੇ ਸਫ਼ਰ ਬਾਰੇ ਜਾਣਕਾਰੀ ਦਿੰਦਿਆਂ ਮਿਹਨਤ, ਲਗਨ ਅਤੇ ਅਨੁਸ਼ਾਸਨ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਇਸ ਦੀ ਬਜਾਏ ਰੋਜ਼ਾਨਾ ਅਖ਼ਬਾਰਾਂ, ਗਿਆਨਵਰਧਕ ਅਤੇ ਪ੍ਰੇਰਣਾਦਾਇਕ ਕਿਤਾਬਾਂ ਪੜ੍ਹਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਸਦੀ ਸੋਚ ਨੂੰ ਵੀ ਵਿਸ਼ਾਲ ਬਣਾਉਂਦੀਆਂ ਹਨ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਬਲਜੀਤ ਸਿੰਘ, ਡਾਇਰੈਕਟਰ-ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਨਵਜੋਤ ਕੌਰ ਦਾ ਸਕੂਲ ਪਹੁੰਚਣ ‘ਤੇ ਸਵਾਗਤ ਕੀਤਾ ਅਤੇ ਉਸਦੀ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਨਵਜੋਤ ਕੌਰ ਤੋਂ ਪ੍ਰੇਰਣਾ ਲੈ ਕੇ ਮਿਹਨਤ ਕਰਨ ਅਤੇ ਜੀਵਨ ਵਿੱਚ ਕੁਝ ਵੱਖਰਾ ਕਰਨ ਲਈ ਉਤਸ਼ਾਹਿਤ ਕੀਤਾ।

