ਕੋਟਕਪੂਰਾ, 27 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੋ ਵਿਖੇ ਐਨ.ਐਸ.ਐਸ. ਯੂਨਿਟ ਅਤੇ ਈਕੋ ਕਲੱਬ ਵੱਲੋਂ ਸਾਂਝੇ ਤੌਰ ‘ਤੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਪਿੰਡ ਹਰੀ ਨੌ ਵਿਖੇ ਕੱਢੀ ਗਈ, ਜਿਸ ਵਿੱਚ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਰੈਲੀ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਕਾਰਨ ਸਿਹਤ ਉੱਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਸ ਜਾਗਰੂਕਤਾ ਰੈਲੀ ਦੀ ਅਗਵਾਈ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸ਼ਮਿੰਦਰ ਕੌਰ ਅਤੇ ਈਕੋ ਕਲੱਬ ਦੀ ਮੁਖੀ ਸ੍ਰੀਮਤੀ ਸਤਵਿੰਦਰ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਅਤੇ ਡੀ.ਪੀ.ਈ. ਜਸਕਰਨ ਸਿੰਘ ਗਿੱਲ ਨੇ ਵੀ ਆਪਣਾ ਸਹਿਯੋਗ ਦਿੱਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਸਮਾਜ ਸੇਵੀ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮਾਜ ਲਈ ਇੱਕ ਉਸਾਰੂ ਅਤੇ ਪ੍ਰੇਰਨਾਦਾਇਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਹੁੰਦੀ ਹੈ ਅਤੇ ਵਿਦਿਆਰਥੀਆਂ ਵਿੱਚ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਵਿਕਸਿਤ ਹੁੰਦੀ ਹੈ।

