ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀ ਨੌਂ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ ਐਨ.ਐਸ.ਐਸ. ਯੂਨਿਟ ਵੱਲੋਂ ਰਾਸ਼ਟਰੀ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਖੂਨਦਾਨ ਦੀ ਲੋੜ, ਮਹੱਤਤਾ ਅਤੇ ਸਮਾਜ ਵਿੱਚ ਇਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਮਿੰਦਰ ਕੌਰ ਨੇ ਦੱਸਿਆ ਗਿਆ ਕਿ ਖੂਨਦਾਨ ਇੱਕ ਮਹਾਨ ਦਾਨ ਹੈ, ਜਿਸ ਨਾਲ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਦੁਰਘਟਨਾਵਾਂ, ਗੰਭੀਰ ਬਿਮਾਰੀਆਂ, ਸਰਜਰੀ ਅਤੇ ਹੋਰ ਐਮਰਜੈਂਸੀ ਹਾਲਾਤਾਂ ਵਿੱਚ ਖੂਨ ਦੀ ਬਹੁਤ ਲੋੜ ਹੁੰਦੀ ਹੈ। ਇਸ ਲਈ ਹਰ ਤੰਦਰੁਸਤ ਅਤੇ ਯੋਗ ਵਿਅਕਤੀ ਨੂੰ ਖੂਨਦਾਨ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਖੂਨਦਾਨ ਨਾਲ ਜੁੜੀਆਂ ਗਲਤ ਧਾਰਨਾਵਾਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਕਰਨ ਦਾ ਇੱਕ ਉੱਤਮ ਤਰੀਕਾ ਹੈ ਅਤੇ ਇਸ ਨਾਲ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਬਰਕਰਾਰ ਰਹਿ ਸਕਦੀਆਂ ਹਨ। ਅੰਤ ਵਿੱਚ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਦਾ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਵੱਲੋਂ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਮਨੁੱਖਤਾ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ।

