ਕੁਦਰਤੀ ਸਰੋਤਾਂ ਦੀ ਸੰਭਾਲ, ਹਵਾ ਅਤੇ ਸ਼ੋਰ ਪ੍ਰਦੂਸ਼ਣ ਬਾਰੇ ਹੋਈਆਂ ਵਿਚਾਰਾਂ

ਕੋਟਕਪੂਰਾ, 24 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜੇ ਪਲੀਤ ਹੋ ਗਏ ਹਵਾ-ਧਰਤੀ ਅਤੇ ਪਾਣੀ ਤਾਂ ਸਮਝੋ ਮਨੁੱਖਤਾ ਸਮੇਤ ਸਮੁੱਚੇ ਜੀਵ-ਜੰਤੂਆਂ ਦੀ ਖਤਮ ਕਹਾਣੀ। ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੰਸਥਾਪਕ ਗੁਰਪ੍ਰੀਤ ਸਿੰਘ ਚੰਦਬਾਜਾ ਦੀਆਂ ਹਦਾਇਤਾਂ ’ਤੇ ਕੋਟਕਪੂਰਾ ਗਰੁੱਪ ਆਫ ਫੈਮਿਲੀਜ ਬਰੈਂਪਟਨ (ਕੈਨੇਡਾ) ਦੇ ਸਹਿਯੋਗ ਨਾਲ ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਾਤਾਵਰਣ ਦੀ ਸੰਭਾਲ ਲਈ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਮੌਕੇ ਮੁੱਖ ਵਕਤਾ ਦੇ ਤੌਰ ’ਤੇ ਪੁੱਜੇ ਸੁਸਾਇਟੀ ਦੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਅੱਜ ਪੰਜ ਦਰਿਆਵਾਂ ਦੀ ਧਰਤੀ ਦਾ ਮਾਣ ਹਾਸਲ ਕਰਨ ਵਾਲੇ ਖੁਸ਼ਹਾਲ ਸੂਬੇ ਪੰਜਾਬ ਦੇ ਪਾਣੀ ਜਾਂ ਤਾਂ ਡੂੰਘੇ ਹੋ ਗਏ ਹਨ ਤੇ ਜਾਂ ਅਸੀਂ ਉਹਨਾ ਨੂੰ ਪਲੀਤ ਕਰਕੇ ਆਪਣੇ ਪੈਰੀ ਆਪ ਕੁਹਾੜਾ ਮਾਰ ਰਹੇ ਹਾਂ। ਉਹਨਾ ਕੁਦਰਤੀ ਸਰੋਤਾਂ ਦੀ ਸੰਭਾਲ, ਪਾਣੀ ਦੀ ਬੱਚਤ, ਏਅਰ ਕੁਆਲਟੀ ਇੰਡੈਕਸ, ਹਵਾ ਅਤੇ ਸ਼ੋਰ ਪ੍ਰਦੂਸ਼ਣ, ਭਿਆਨਕ ਬਿਮਾਰੀਆਂ ਦੀ ਆਮਦ ਵਰਗੇ ਅਨੇਕਾਂ ਨੁਕਤਿਆਂ ਦੀ ਅੰਕੜਿਆਂ ਸਹਿਤ ਉਦਾਹਰਨਾ ਦੇ ਕੇ ਦਲੀਲ ਨਾਲ ਸਾਂਝ ਪਾਈ। ਇਸ ਮੌਕੇ ਬੱਚਿਆਂ ਨੂੰ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਵੰਡੀਆਂ ਗਈਆਂ। ਸਕੂਲ ਮੁਖੀ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ/ਪਿ੍ਰੰਸੀਪਲ ਮੈਡਮ ਸੁਰਿੰਦਰ ਕੌਰ ਨੇ ਸੁਸਾਇਟੀ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਆਖਿਆ ਕਿ ਬੱਚਿਆਂ ਨੂੰ ਬੂਟੇ ਲਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਵਾਲਾ ਸੁਸਾਇਟੀ ਦਾ ਕਾਰਜ ਸ਼ਲਾਘਾਯੋਗ ਹੈ। ਮੰਚ ਸੰਚਾਲਨ ਕਰਦਿਆਂ ਮੈਡਮ ਸਤਵਿੰਦਰ ਕੌਰ ਬਰਾੜ ਨੇ ਵੀ ਵਾਤਾਵਰਣ ਦੀ ਸੰਭਾਲ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਐਲਆਈਸੀ ਐਡਵਾਈਜਰ ਵਰਿੰਦਰਪਾਲ ਸਿੰਘ ਅਰਨੇਜਾ ਨੇ ਆਖਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

