ਕੋਟਕਪੂਰਾ, 19 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਨੈਸ਼ਨਲ ਇੰਟੀਗਰੇਸ਼ਨ ਡੇਅ ਮਨਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਾਰੇ ਮਤਭੇਦ ਭੁੱਲ ਕੇ ਏਕਤਾ ਤੇ ਸ਼ਾਂਤੀ ਨਾਲ ਰਹਿਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਐਨ ਐਸ ਐਸ ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਦਿਵਸ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਜੀ ਦੇ ਜਨਮਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਭਾਰਤ ਦੇ ਵੱਖ-ਵੱਖ ਭਾਈਚਾਰਿਆਂ ਵਿੱਚ ਸ਼ਾਂਤੀ ਸਦਭਾਵਨਾ ਅਤੇ ਏਕਤਾ ਨੂੰ ਉਤਸਾਹਿਤ ਕਰਨਾ ਹੈ। ਭਾਰਤੀ ਇੱਕ ਵਿਸ਼ਾਲ ਦੇਸ਼ ਹੈ ਜਿੱਥੇ ਕਈ ਧਰਮਾਂ, ਭਾਸ਼ਾਵਾਂ ਅਤੇ ਸੱਭਿਆਚਾਰਾਂ ਦੇ ਲੋਕ ਰਹਿੰਦੇ ਹਨ, ਸਾਡੀ ਇਹੀ ਵਿਭਿੰਨਤਾ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਸ ਉਪਰੰਤ ਕੁਝ ਬੱਚਿਆਂ ਵੱਲੋਂ ਰਾਸ਼ਟਰੀ ਏਕਤਾ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਭਾਗ ਲਿਆ ਗਿਆ। ਇਸ ਮੌਕੇ ਬੋਲਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਬਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵਿੱਚ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਸਰਗਰਮ ਹਨ, ਕੌਮੀ ਏਕਤਾ ਦੀ ਲੋੜ ਹੋਰ ਵੀ ਜਰੂਰੀ ਹੋ ਜਾਂਦੀ ਹੈ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਵੱਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

