*ਭਗਵੰਤ ਮਾਨ ਸਰਕਾਰ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ ‘ਤੇ ਮਨਾ ਰਹੀ ਹੈ : ਡਾ. ਕੰਗ ਤੇ ਡਾ. ਗਿੱਲ*
*ਦਾਖਾ ‘ਚ ਉੱਡੇ 500 ਡਰੋਨਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ-ਦਰਸ਼ਨ, ਬਾਣੀ ਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਚਿਤਰਿਆ*

ਮੁੱਲਾਂਪੁਰ ਦਾਖਾ, (ਲੁਧਿਆਣਾ), 21 ਸਤੰਬਰ:(ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਖਾ ਵਿਖੇ ਕਰਵਾਏ ਗਏ ਨਿਵੇਕਲੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਕੂਲ ਗਰਾਊਂਡ ਵਿਖੇ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ 500 ਡਰੋਨਾਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਰਾਤ ਦੇ ਅੰਬਰ ਨੂੰ ਰੌਸ਼ਨ ਕਰਦਿਆਂ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਵਿਲੱਖਣ ਸੁਮੇਲ ਨਾਲ ਰੂਬਰੂ ਕਰਵਾਇਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ. ਕੰਗ ਅਤੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਸੰਗਤ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸੂਬੇ ਦੇ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਸਮਾਗਮ ਅਤੇ ਧਾਰਮਿਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਗੁਰੂ ਸਾਹਿਬ ਦੀ ਮਹਾਨ ਵਿਰਾਸਤ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਡਾ. ਕੇ.ਐਨ.ਐਸ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਸਾਂਝੀਵਾਲਤਾ ਅਤੇ ਸਮਾਜਿਕ ਏਕਤਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਲੋੜ ਹੈ।
ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਆਧੁਨਿਕ ਤਕਨੀਕ ਰਾਹੀਂ ਪੇਸ਼ ਕੀਤੀਆਂ ਗਈਆਂ ਰੌਸ਼ਨ ਆਕ੍ਰਿਤੀਆਂ ਨੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਨਵੇਂ ਅਤੇ ਦਿਲਚਸਪ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ।
ਸਕੂਲ ਗਰਾਊਂਡ ਤੋਂ ਉੱਡੇ 500 ਡਰੋਨਾਂ ਨੇ ਅੰਬਰ ਵਿੱਚ ਵੱਖ-ਵੱਖ ਰੌਸ਼ਨ ਆਕ੍ਰਿਤੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਇਸ ਪੇਸ਼ਕਾਰੀ ਨੇ ਹਾਜ਼ਰ ਸੰਗਤ ਨੂੰ ਗੁਰੂ ਸਾਹਿਬ ਦੀ ਅਧਿਆਤਮਿਕ ਵਿਰਾਸਤ ਨਾਲ ਜੋੜਿਆ।
ਇਸ ਮੌਕੇ ਭਾਈ ਬਰਜਿੰਦਰ ਸਿੰਘ ਦੇ ਰਾਗੀ ਦੇ ਜੱਥੇ ਵੱਲੋਂ ਕੀਰਤਨ ਕਰਕੇ ਵੱਡੀ ਗਿਣਤੀ ਵਿੱਚ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਦਾਖਾ ਤੋਂ ਬਾਅਦ 21 ਸਤੰਬਰ ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਸਤੰਬਰ ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਸ੍ਰੀ ਕੁਲਦੀਪ ਬਾਵਾ, ਤਹਿਸੀਲਦਾਰ ਸ੍ਰੀ ਹਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।
