*ਹਥਿਆਰ, ਲਾਠੀਆਂ, ਤਲਵਾਰਾਂ, ਜ਼ਹਿਰੀਲੇ ਪਦਾਰਥ ਅਤੇ ਹੋਰ ਹਾਨੀਕਾਰਕ ਸਮੱਗਰੀ ਲਿਜਾਣ ‘ਤੇ ਵੀ ਪਾਬੰਦੀ*
ਐਸ.ਏ.ਐਸ. ਨਗਰ, 26 ਮਈ:(ਵਰਲਡ ਪੰਜਾਬੀ ਟਾਈਮਜ਼)
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ, ਐਸ.ਏ.ਐਸ. ਨਗਰ ਵੱਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਚੋਣ ਪ੍ਰਕਿਰਿਆ ਅਧੀਨ ਆਉਂਦੀਆਂ ਹੱਦਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ, ਭੜਕਾਊ ਭਾਸ਼ਣ, ਜਲੂਸ, ਰੈਲੀਆਂ ਅਤੇ ਮੀਟਿੰਗਾਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।
ਇਸ ਤੋਂ ਇਲਾਵਾ ਧਾਰਮਿਕ ਸਥਾਨਾਂ, ਧਾਰਮਿਕ ਸਮਾਗਮਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿੱਚ ਹਥਿਆਰ, ਲਾਠੀਆਂ, ਤਲਵਾਰਾਂ, ਜ਼ਹਿਰੀਲੇ ਪਦਾਰਥ ਅਤੇ ਹੋਰ ਹਾਨੀਕਾਰਕ ਸਮੱਗਰੀ ਲਿਜਾਣ ‘ਤੇ ਵੀ ਪਾਬੰਦੀ ਰਹੇਗੀ।
ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀਆਂ ਪੁਲਿਸ ਕਰਮਚਾਰੀਆਂ, ਡਿਊਟੀ ‘ਤੇ ਤਾਇਨਾਤ ਸਰਕਾਰੀ ਅਧਿਕਾਰੀਆਂ ਅਤੇ ਹੋਰ ਅਧਿਕਾਰਿਤ ਸੁਰੱਖਿਆ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੀਆਂ। ਇਸੇ ਤਰ੍ਹਾਂ ਵਿਆਹ ਸ਼ਾਦੀ, ਅੰਤਮ ਅਰਦਾਸ, ਧਾਰਮਿਕ ਸਥਾਨਾਂ, ਧਾਰਮਿਕ ਸੰਸਥਾਵਾਂ ਅਤੇ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਨਾਲ ਹੋਣ ਵਾਲੇ ਸਮਾਗਮਾਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਹੋਵੇਗੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭੜਕਾਊ ਗਤੀਵਿਧੀ ਤੋਂ ਦੂਰ ਰਹਿਣ।
ਇਹ ਹੁਕਮ 25 ਮਈ 2026 ਤੋਂ 01 ਜੂਨ 2026 ਤੱਕ ਲਾਗੂ ਰਹਿਣਗੇ।