102 ਟੀਮਾਂ ਦੇ ਕਰੀਬ 1500 ਖਿਡਾਰੀ ਲੈ ਰਹੇ ਹਨ ਹਿੱਸਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼

ਕੋਟਕਪੂਰਾ, 22 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਵਿੱਚ ਖੇਡ ਭਾਵਨਾ ਪੈਦਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਨਮੋ ਕ੍ਰਿਕਟ ਲੀਗ ਮੋਗਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੀਗ ਨੂੰ ਲੈ ਕੇ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਮੋਗਾ ਵਿੱਚ 19 ਤੋਂ 23 ਸਤੰਬਰ ਤੱਕ ਕਰਵਾਈ ਜਾ ਰਹੀ ਇਸ ਲੀਗ ਵਿੱਚ ਕੁੱਲ 102 ਟੀਮਾਂ ਦੇ ਕਰੀਬ 1500 ਖਿਡਾਰੀ ਹਿੱਸਾ ਲੈ ਰਹੇ ਹਨ। ਆਯੋਜਕਾਂ ਅਨੁਸਾਰ ਦੇਸ਼ ਭਰ ਵਿੱਚ ਨਮੋ ਕ੍ਰਿਕਟ ਲੀਗ ਨਾਲ ਕਰੀਬ 3240 ਟੀਮਾਂ ਅਤੇ 50 ਹਜ਼ਾਰ ਤੋਂ ਵੱਧ ਖਿਡਾਰੀ ਜੁੜੇ ਹੋਏ ਹਨ। ਮੋਗਾ ਵਿੱਚ ਵੀ ਵੱਡੀ ਗਿਣਤੀ ਵਿੱਚ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਲੀਗ ਦਾ ਆਯੋਜਨ ਸੁਦੇਸ਼ ਭੰਡਾਰੀ ਚੈਰੀਟੇਬਲ ਟਰੱਸਟ ਵੱਲੋਂ ਕੀਤਾ ਜਾ ਰਿਹਾ ਹੈ। ਲੀਗ ਦੇ ਮੁੱਖ ਮਹਿਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਤਰੁਣ ਭੰਡਾਰੀ ਖੁਦ ਗਰਾਊਂਡ ਵਿੱਚ ਪਹੁੰਚੇ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਨਮੋ ਕ੍ਰਿਕਟ ਲੀਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਖੇਡਾਂ ਸਿਹਤਮੰਦ ਜੀਵਨ ਦੇ ਨਾਲ-ਨਾਲ ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਲੀਗ ਦੇ ਕੋਆਰਡੀਨੇਟਰ ਅਮਨ ਸ਼ਰਮਾ, ਵਾਸੂ ਸ਼ਰਮਾ ਅਤੇ ਬਿੰਦੂ ਸੂਦ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਖੇਡ ਆਯੋਜਨ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੀਤ ਸਮੇਤ ਕਈ ਵਿਅਕਤੀਆਂ ਦਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਅਨੁਜ ਗੁਪਤਾ, ਗੋਲਡ ਕੋਸਟ ਕਲੱਬ ਦੇ ਡਾ. ਅਮੋਲ ਬਾਂਸਲ, ਐੱਮ.ਐੱਲ.ਐੱਮ. ਗਰੁੱਪ ਆਫ਼ ਕਾਲਜਿਜ਼, ਅਭਿਸ਼ੇਕ ਜਿੰਦਲ, ਐੱਸ.ਐੱਫ਼.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਤੇ ਡਾ. ਹਰਵਰਧਨ ਕੁਮਾਰ ਸਮੇਤ ਕਈ ਪਤਵੰਤੇ, ਸਮਾਜਸੇਵੀ ਅਤੇ ਸਹਿਯੋਗੀ ਹਾਜ਼ਰ ਰਹੇ।ਬੀ.ਵੀ.ਐੱਮ.ਐੱਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਪਸੀ ਭਾਈਚਾਰਾ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਨਮੋ ਕ੍ਰਿਕਟ ਲੀਗ ਮੋਗਾ ਦੇ ਕੋਆਰਡੀਨੇਟਰ ਅਮਨ ਸ਼ਰਮਾ ਅਤੇ ਵਾਸੂ ਸ਼ਰਮਾ ਨੇ ਕਿਹਾ ਕਿ ਇਸ ਲੀਗ ਦਾ ਉਦੇਸ਼ ਸਿਰਫ਼ ਕ੍ਰਿਕਟ ਮੁਕਾਬਲੇ ਕਰਵਾਉਣਾ ਨਹੀਂ, ਸਗੋਂ ਨੌਜਵਾਨਾਂ ਨੂੰ ਖੇਡਾਂ ਅਤੇ ਫਿਟਨੈੱਸ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ “ਖੇਡਾਂ ਨੂੰ ਹਾਂ, ਨਸ਼ਿਆਂ ਨੂੰ ਨਾ” ਦਾ ਸੰਦੇਸ਼ ਨੌਜਵਾਨਾਂ ਤੱਕ ਪਹੁੰਚਾਉਣਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ।

