ਡਿਪਟੀ ਕਮਿਸ਼ਨਰ ਰਾਹੁਲ ਚਾਬਾ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਰਾਸ਼ਟਰੀ ਝੰਡਾ
ਕੋਟਕਪੂਰਾ, 14 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਸਥਾਨਕ ਨਹਿਰੂ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਨੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਫੁੱਲ ਡਰੈੱਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਐਨ.ਸੀ.ਸੀ. ਦੀਆਂ ਟੁੱਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਦਿਵਸ ਦੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੀ ਸਾਫ਼-ਸਫ਼ਾਈ, ਟਰੈਫਿਕ ਵਿਵਸਥਾ, ਪੀਣ ਵਾਲੇ ਪਾਣੀ, ਆਰਜ਼ੀ ਪਖਾਨਿਆਂ, ਸਟੇਡੀਅਮ ਵਿੱਚ ਡਸਟਬਿਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਾਡੇ ਦੇਸ਼ ਦੀ ਆਜ਼ਾਦੀ, ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ, ਇਸ ਲਈ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਮਨਵਿੰਦਰਬੀਰ ਸਿੰਘ ਐਸ.ਪੀ.ਐਚ, ਸ. ਅਵਤਾਰ ਸਿੰਘ ਰਾਜਪਾਲ, ਸ. ਤਰਲੋਚਨ ਸਿੰਘ ਡੀ.ਐਸ.ਪੀ., ਨਵੀਨ ਕੁਮਾਰ ਡੀ.ਐਸ.ਪੀ., ਸ. ਜਗਤਾਰ ਸਿੰਘ ਡੀ.ਐਸ.ਪੀ., ਨਾਇਬ ਤਹਿਸੀਲਦਾਰ ਸ੍ਰੀ ਹਰਸ਼ਵੀਰ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜਨਾ ਕੌਂਸਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਬਲਜਿੰਦਰ ਸਿੰਘ, ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਮੌਂਗਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਸੁਰਜੀਤ ਸਿੰਘ ਮੱਲ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

