ਕੋਟਕਪੂਰਾ, 18 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ, ਮੀਡੀਆ ਵਿੰਗ ਫ਼ਰੀਦਕੋਟ ਅਤੇ ਕੋਟਕਪੂਰਾ ਹਲਕੇ ਤੋਂ ਪਾਰਟੀ ਦੇ ਪ੍ਰਮੁੱਖ ਦਾਅਵੇਦਾਰ ਮਨਦੀਪ ਸਿੰਘ ਮਿੰਟੂ ਗਿੱਲ ਨੇ ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਹਾਲਤ ਵਿੱਚ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਪੂਰੇ ਪੰਜਾਬ ਲਈ ਦੁਖਦਾਈ ਹੈ। ਮਿੰਟੂ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਨੂੰ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕੀਤਾ ਗਿਆ, ਹੋਰ ਵਿਅਕਤੀਆਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਸਬੰਧਤ ਥਾਣੇ ਦੀ ਐੱਸ.ਐੱਚ.ਓ. ਨੂੰ ਮੁਅੱਤਲ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਜੀ.ਪੀ. ਨੂੰ ਪੂਰੀ ਜਾਂਚ ਦੇ ਹੁਕਮ ਦਿੱਤੇ ਹਨ। ਜੇਕਰ ਕਿਸੇ ਅਫ਼ਸਰ ਜਾਂ ਪ੍ਰਭਾਵਸ਼ਾਲੀ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਤਾਂ ਉਸ ਨੂੰ ਵੀ ਬੇਨਕਾਬ ਕੀਤਾ ਜਾਵੇਗਾ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਮਿੰਟੂ ਗਿੱਲ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਿਆਸਤ ਕਰਨ ਦੀ ਬਜਾਏ ਵਿਰੋਧੀ ਆਗੂਆਂ ਨੂੰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਆਪਣੇ ਕਾਰਜਕਾਲ ਦਾ ਹਿਸਾਬ ਵੀ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਇਸ ਜੰਗ ਤੋਂ ਪਿੱਛੇ ਨਹੀਂ ਹਟੇਗੀ। ਅੰਤ ਵਿੱਚ ਮਿੰਟੂ ਗਿੱਲ ਨੇ ਕੋਟਕਪੂਰਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਵੇਚਦਾ ਹੈ, ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਰੰਗਲਾ ਪੰਜਾਬ ਬਣਾਉਣਾ ਆਮ ਆਦਮੀ ਪਾਰਟੀ ਦਾ ਵਾਅਦਾ ਵੀ ਹੈ ਅਤੇ ਫ਼ਰਜ਼ ਵੀ।

