ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਾਰੇ ਐਸ.ਡੀ.ਐਮਜ਼ ਵੱਲੋਂ ਨੰਬਰਦਾਰਾਂ ਨਾਲ ਮੀਟਿੰਗਾਂ ਅਤੇ ਖੇਤਾਂ ਦੇ ਦੌਰੇ
ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਉਣ ਲਈ ਟੀਮਾਂ ਸਰਗਰਮ; ਹੌਟਸਪੌਟ ਪਿੰਡਾਂ ਵਿੱਚ ਡਰੋਨ ਰਾਹੀਂ ਨਿਗਰਾਨੀ

ਪਟਿਆਲਾ, 4 ਨਵੰਬਰ:(ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚੋਂ ਬਾਹਰ ਕੱਢਣ ਜਾਂ ਖੇਤਾਂ ਵਿੱਚ ਹੀ ਮਿਲਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਵੀ ਪਟਿਆਲਾ ਜ਼ਿਲ੍ਹੇ ਦੇ ਅਨੇਕਾਂ ਕਿਸਾਨਾਂ ਨੂੰ ਪਰਾਲੀ ਦਾ ਐਕਸ-ਸੀਟੂ ਅਤੇ ਇਨ-ਸੀਟੂ ਤਰੀਕਿਆਂ ਨਾਲ ਬਿਨਾਂ ਅੱਗ ਲਗਾਏ ਪ੍ਰਬੰਧਨ ਕਰਨ ਲਈ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਰੋਕਣ ਲਈ ਹੌਟਸਪੌਟ ਪਿੰਡਾਂ ਵਿੱਚ ਡਰੋਨ ਰਾਹੀਂ ਵੀ ਨਿਗਰਾਨੀ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਵਿੱਚ ਲਾਪਰਵਾਹੀ ਵਰਤਣ ਵਾਲੇ 22 ਕਲੱਸਟਰ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨੂੰ ਸਮਰੱਥ ਅਧਿਕਾਰੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਨਿਰਧਾਰਤ ਸਮੇਂ ਅੰਦਰ ਰਿਪੋਰਟਾਂ ਜਮ੍ਹਾਂ ਨਾ ਕਰਵਾਉਣ, ਗਲਤ ਰਿਪੋਰਟਿੰਗ ਕਰਨ ਅਤੇ ਪਹਿਲਾਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਥਾਵਾਂ ’ਤੇ ਮੁੜ ਅੱਗ ਲੱਗਣ ਦੇ ਮਾਮਲੇ ਸ਼ਾਮਲ ਹਨ। ਸਬੰਧਤ ਅਧਿਕਾਰੀਆਂ ਨੂੰ ਸਮਰੱਥ ਅਧਿਕਾਰੀ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਜਵਾਬ ਦੇਣ ਦੀ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 9 ਪੁਲਿਸ ਕੇਸ ਦਰਜ ਕੀਤੇ ਗਏ ਹਨ, ਜਦਕਿ ਮਾਲ ਵਿਭਾਗ ਵੱਲੋਂ ਮਾਲ ਰਿਕਾਰਡ ਵਿੱਚ 10 ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲਿਆਂ ਨੂੰ 55,000 ਰੁਪਏ ਦਾ ਵਾਤਾਵਰਨ ਹਰਜਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 25,000 ਰੁਪਏ ਵਸੂਲ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਸਾਰੇ ਐਸ.ਡੀ.ਐਮਜ਼ ਵੱਲੋਂ ਨੰਬਰਦਾਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਅੱਗ ਲੱਗਣ ਦੀਆਂ ਸੰਭਾਵਿਤ ਘਟਨਾਵਾਂ ਦੀ ਰੋਕਥਾਮ ਲਈ ਚੌਕਸੀ ਵਰਤਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਐਸ.ਡੀ.ਐਮਜ਼ ਵੱਲੋਂ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਡੀ.ਐਸ.ਪੀ. ਫਤਹਿ ਸਿੰਘ ਬਰਾੜ ਨਾਲ ਪਿੰਡ ਬੰਮ੍ਹਣਾ, ਗਾਜੇਵਾਸ, ਫਤਹਿਗੜ੍ਹ ਛੰਨਾ ਅਤੇ ਤਲਵੰਡੀ ਮਲਿਕ ਸਮੇਤ ਹੋਰ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਨੇ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਨੰਬਰਦਾਰਾਂ ਨੂੰ ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਭਾਨਰਾ ਵਿਖੇ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਕਾਰਵਾਈ ਕੀਤੀ ਗਈ।
ਇਸੇ ਤਰ੍ਹਾਂ ਐਸ.ਡੀ.ਐਮ. ਰਾਜਪੁਰਾ ਰਵਿੰਦਰ ਸਿੰਘ ਨੇ ਤਹਿਸੀਲ ਪੱਧਰ ’ਤੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੂਰੀ ਚੌਕਸੀ ਵਰਤਣ ਦੀ ਹਦਾਇਤ ਕੀਤੀ। ਐਸ.ਡੀ.ਐਮ. ਦੁਧਨਸਾਧਾਂ ਹਰਜੋਤ ਕੌਰ ਮਾਵੀ ਨੇ ਵੀ ਨੰਬਰਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।
ਐਸ.ਡੀ.ਐਮ. ਨਾਭਾ ਏ.ਪੀ.ਐਸ. ਸੋਮਲ ਨੇ ਨੰਬਰਦਾਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਵਾਤਾਵਰਨ ਦੀ ਸੰਭਾਲ ਲਈ ਹਰੇਕ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸੇ ਤਰ੍ਹਾਂ ਐਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ ਨੇ ਨੰਬਰਦਾਰਾਂ ਨੂੰ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪਿੰਡ ਖਾਂਗ ਸਮੇਤ ਆਸ-ਪਾਸ ਦੇ ਹੋਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।
