ਕੋਟਕਪੂਰਾ, 2 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਾਣੀਆਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਕਤਰੇਬਾਜੀ (ਭੇਦ-ਭਾਵ) ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤੇ ਪੰਜਾਬ ਨਾਲ ਕੇਂਦਰ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਨਿਰੰਤਰ ਜਾਰੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਤਰ ਵਿਹਾਰ ਕਰਨ ਅਤੇ ਸੂਬੇ ਵਿੱਚ ਪਾਣੀ ਹੇਠਲਾ ਪੱਧਰ ਦਿਨੋਂ-ਦਿਨ ਡਿੱਗਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਅਟਲ ਭੂ ਜਲ ਯੋਜਨਾ ਵਿੱਚ ਸ਼ਾਮਲ ਨਹੀਂ ਕੀਤਾ, ਜਦਕਿ ਕੇਂਦਰ ਵੱਲੋਂ ਗੁਆਂਢੀ ਸੂਬੇ ਹਰਿਆਣਾ, ਰਾਜਸਥਾਨ, ਯੂ.ਪੀ., ਐਮ.ਪੀ. ਅਤੇ ਗੁਜਰਾਤ ਆਦਿ ਨੂੰ 3800 ਕਰੋੜ ਭੂਮੀਗਤ ਪਾਣੀ ਦੀ ਸੰਭਾਲ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਪੰਜਾਬ ਨਾਲ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹੱਕ ਲੈਣ ਲਈ ਹਰ ਸੰਭਵ ਕਦਮ ਉਠਾਏਗੀ।