ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਸ਼ੋਸ਼ਲ ਮੀਡੀਆ ਦੇ ਜਿਲਾ ਸਕੱਤਰ ਮਨਜੀਤ ਸ਼ਰਮਾ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਅਤੇ ਖੁਸ਼ਹਾਲੀ ਵਾਸਤੇ 14 ਦਸੰਬਰ ਨੂੰ ਪੰਜਾਬ ਵਿਚ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਜ਼ਰੂਰੀ ਹੈ। ਮਨਜੀਤ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਬਹੁਮਤ ਦੇ ਨਾਲ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਅਤੇ ਆਪਣੇ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਦੀ ਸਰਕਾਰ ਹੁੰਦੀ ਹੈ, ਉਸ ਪਾਰਟੀ ਦੇ ਨੁਮਾਇੰਦੇ ਹੀ ਲੋਕਾਂ ਦੀਆਂ ਉਮੀਦਾਂ ਉੱਪਰ ਖਰੇ ਉੱਤਰ ਸਕਦੇ ਹਨ। ਮਨਜੀਤ ਸ਼ਰਮਾ ਨੇ ਕਿਹਾ ਕਿ ਭਾਵੇਂ ਕੱਲ ਨਾਮਜ਼ਦਗੀਆਂ ਦਾ ਆਖਰੀ ਦਿਨ ਸੀ ਅਤੇ ਇਸ ਦੌਰਾਨ ‘ਆਪ’ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਮਿਲਿਆ, ਜਿਸ ਤੋਂ ਸਾਫ ਪਤਾ ਚੱਲਦਾ ਹੈ ਕਿ ਵਿਰੋਧੀਆਂ ਨੂੰ ਆਪਣੀਆਂ ਜ਼ਮਾਨਤਾਂ ਬਚਾਉਣੀਆਂ ਵੀ ਮੁਸ਼ਕਿਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹਨਾਂ ਚੋਣਾਂ ਨੂੰ ਲੈ ਕੇ ਜਿਹੜੀ ਵੀ ਜ਼ਿੰਮੇਦਾਰੀ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਮੌਕੇ ਮਨਜੀਤ ਸ਼ਰਮਾ ਨਾਲ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਬੱਬੂ, ਮਾ. ਰਣਜੀਤ ਸਿੰਘ, ਚਤਰ ਸਿੰਘ, ਰਣਜੀਤ ਸਿੰਘ ਰਾਣਾ ਸਮੇਤ ਜਸਪ੍ਰੀਤ ਕੌਰ ਕਲਿਆਣ ਅਤੇ ਪੂਨਮ ਰਾਣੀ ਆਦਿ ਵੀ ਹਾਜ਼ਰ ਸਨ।
