‘ਆਪ’ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸ਼ਾਨਦਾਰ ਢੰਗ ਨਾਲ ਜਿੱਤੇਗੀ : ਆਰੇਵਾਲਾ
ਕੋਟਕਪੂਰਾ, 8 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਜਲਾਲੇਆਣਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਪੀ ਸਮੇਤ ਅਨੇਕਾਂ ਪਰਿਵਾਰ ਰਵਾਇਤੀ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਦੀ ਅਗਵਾਈ ‘ਆਪ’ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਪਰਿਵਾਰਾਂ ਦਾ ਪਾਰਟੀ ਵਿੱਚ ਨਿੱਘਾ ਸੁਆਗਤ ਕਰਦਿਆਂ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਕਿਹਾ ਕਿ ਇਹ ਪਰਿਵਾਰ ‘ਆਪ’ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਕਿਹਾ ਕਿ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਆਪ ਮੁਹਾਰੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਸੰਬੋਧਨ ਦੌਰਾਨ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸ਼ਾਨਦਾਰ ਢੰਗ ਨਾਲ ਜਿੱਤੇਗੀ। ਲੋਕ ਫ਼ੈਸਲਾ ਕਰ ਚੁੱਕੇ ਹਨ ਕਿ ਪੰਜਾਬ ਵਿਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣਾਉਣੀ ਹੈ, ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ ਜਿਤਾਇਆ ਜਾਵੇ। ਗੁਰਮੀਤ ਸਿੰਘ ਆਰੇਵਾਲਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਮੁਫਤ ਬਿਜਲੀ, ਭਿ੍ਰਸ਼ਟਾਚਾਰ ਮੁਕਤ ਪੰਜਾਬ, ਘਰ-ਘਰ ਰੁਜਗਾਰ ਦੇਣ ਤੋਂ ਇਲਾਵਾ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਇਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲਾ ਸਕੱਤਰ ਸ਼ੋਸ਼ਲ ਮੀਡੀਆ ਮਨਜੀਤ ਸ਼ਰਮਾ ਨੇ ਦੱਸਿਆ ਕਿ ਰਵਾਇਤੀ ਪਾਰਟੀਆਂ ਵਲੋਂ ਅਕਸਰ ਅਖੀਰਲੇ ਸਾਲ ਨੂੰ ਵਿਕਾਸ ਦਾ ਸਾਲ ਆਖ ਕੇ ਡਰਾਮੇਬਾਜੀ ਕੀਤੀ ਜਾਂਦੀ ਸੀ ਪਰ ‘ਆਪ’ ਸਰਕਾਰ ਨੇ ਸ਼ੁਰੂਆਤੀ ਦਿਨਾਂ ਵਿੱਚ ਮੁਫਤ ਬਿਜਲੀ ਦੀ ਸਹੂਲਤ ਦਾ ਐਲਾਨ ਕੀਤਾ, ਅੱਜ 90 ਫੀਸਦੀ ਪੰਜਾਬ ਵਾਸੀਆਂ ਦਾ ਬਿਜਲੀ ਦਾ ਬਿੱਲ ਜੀਰੋ ਆ ਰਿਹਾ ਹੈ। ਉਹਨਾ ‘ਆਪ’ ਸਰਕਾਰ ਦੀਆਂ ਅਨੇਕਾਂ ਹੋਰ ਸਕੀਮਾ ਅਤੇ ਸਹੂਲਤਾਂ ਦਾ ਵਿਸਥਾਰ ਵਿੱਚ ਜਿਕਰ ਕੀਤਾ। ਨਰੇਸ਼ ਸਿੰਗਲਾ, ਹੈਪੀ ਸਿੰਘ ਦੁਆਰੇਆਣਾ, ਕਸ਼ਮੀਰ ਸਿੰਘ ਆਦਿ ਨੇ ਦੱਸਿਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦਿਆਂ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਵਿਸ਼ਵਾਸ਼ ਦਿਵਾਇਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਵੇਂ ਸ਼ਾਮਲ ਪਰਿਵਾਰਾਂ ਦਾ ਪਾਰਟੀ ਵਿੱਚ ਪੂਰਨ ਮਾਣ ਸਨਮਾਨ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਗੋਪੀ ਅਤੇ ਹੋਰ ਸ਼ਾਮਲ ਹੋਣ ਵਾਲਿਆਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਪਾਰਟੀ ਦੀ ਮਜਬੂਤੀ ਲਈ ਯਤਨਸ਼ੀਲ ਰਹਿਣਗੇ।

