ਆਖਿਆ! 9 ਕਰੋੜ ਰੁਪਏ ਦੀ ਲਾਗਤ ਨਾਲ 10.5 ਕਿਲੋਮੀਟਰ ਬਣੇਗੀ ਸੜਕ
ਕੋਟਕਪੂਰਾ, 31 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਲਕਾ ਫ਼ਰੀਦਕੋਟ ਦੇ ਲੋਕਾਂ ਲਈ ਇੱਕ ਵੱਡੇ ਵਿਕਾਸ ਪ੍ਰਾਜੈਕਟ ਦੀ ਜਾਣਕਾਰੀ ਸਾਂਝੀ ਕਰਦਿਆਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਂਦਿਆਂ ਨੈਸ਼ਨਲ ਹਾਈਵੇ ਡਿਵੀਜ਼ਨ ਫ਼ਿਰੋਜ਼ਪੁਰ ਰਾਹੀਂ ਟਹਿਣਾ–ਫ਼ਰੀਦਕੋਟ–ਸੰਧਵਾਂ–ਕੋਟਕਪੂਰਾ–ਢਿਲਵਾਂ ਕਲਾਂ ਰੋਡ ਦੀ ਅਪਗ੍ਰੇਡੇਸ਼ਨ ਦਾ ਕੰਮ ਲਗਭਗ 9 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਲੋਕਾਂ ਵੱਲੋਂ ਮੰਗੀ ਜਾ ਰਹੀ ਇਸ ਮਹੱਤਵਪੂਰਨ ਸੜਕ ਨੂੰ ਹੁਣ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਨੇ ਹਕੀਕਤ ਵਿੱਚ ਬਦਲ ਦਿੱਤਾ ਹੈ। ਇਸ ਪ੍ਰੋਜੈਕਟ ਤਹਿਤ ਫ਼ਰੀਦਕੋਟ ਹਲਕੇ ਅੰਦਰ ਲਗਭਗ 10.50 ਕਿਲੋਮੀਟਰ ਲੰਬੀ ਸੜਕ ਨੂੰ ਉੱਚ ਮਿਆਰੀ ਬਣਾਇਆ ਜਾਵੇਗਾ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਵਿਧਾਇਕ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੰਮ ਲਈ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਨਿਰਧਾਰਤ ਸਮੇਂ ਅਨੁਸਾਰ ਲਗਭਗ 9 ਮਹੀਨਿਆਂ ਦੇ ਅੰਦਰ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਦੇ ਕੰਮ ਕਰਕੇ ਵਿਖਾਉਣ ਵਿੱਚ ਯਕੀਨ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਹਲਕੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਪ੍ਰੋਜੈਕਟ ਜੰਗੀ ਪੱਧਰ ‘ਤੇ ਚਲ ਰਹੇ ਹਨ ਅਤੇ ਫ਼ਰੀਦਕੋਟ ਹਲਕਾ ਵੀ ਇਸਦਾ ਸਿੱਧਾ ਲਾਭ ਪ੍ਰਾਪਤ ਕਰ ਰਿਹਾ ਹੈ।
