ਲੁਧਿਆਣਾ 27 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਮੌਜੂਦਾ ਖੇਤੀ ਸਰੋਕਾਰਾਂ ਨੂੰ ਵਿਚਾਰਨ ਦੇ ਨਾਲ-ਨਾਲ ਆਉਣ ਵਾਲੇ ਸਮੇਂ ਵਿਚ ਵਿਉਂਤਬੰਦੀ ਅਤੇ ਯੋਜਨਾਬੱਧ ਤਰੀਕੇ ਨਾਲ ਪਸਾਰ ਕਾਰਜਾਂ ਤੋਂ ਇਲਾਵਾ ਖੋਜ ਦੀਆਂ ਗਤੀਵਿਧੀਆਂ ਵਿਚਾਰੀਆਂ ਗਈਆਂ| ਇਸ ਵਿਚ 130 ਦੇ ਕਰੀਬ ਕਿਸਾਨ ਵਿਗਿਆਨੀ ਅਤੇ ਉੱਚ ਅਧਿਕਾਰੀ ਸ਼ਾਮਿਲ ਸਨ ਜਿਨ੍ਹਾਂ ਵਿਚ ਬਾਗਬਾਨੀ ਕਾਲਜ ਦੇ ਡੀਨ ਡਾ. ਰਿਸ਼ੀਇੰਦਰਾ ਸਿੰਘ ਗਿੱਲ, ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ, ਅਪਰ ਨਿਰਦੇਸ਼ਕ ਸੰਚਾਰ ਡਾ. ਕਮਲਦੀਪ ਸਿੰਘ ਸਾਂਘਾ ਸਮੇਤ ਵਧੀਕ
ਨਿਰਦੇਸ਼ਕ ਖੋਜ ਅਤੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਸ਼ਾਮਿਲ ਸਨ|
ਇਸ ਮੌਕੇ ਕਿਸਾਨ-ਵਿਗਿਆਨੀਆਂ ਦੀ ਮਿਸਾਲੀ ਸਾਂਝ ਦੀ ਸ਼ਲਾਘਾ ਕਰਦਿਆਂ ਡਾ. ਭੁੱਲਰ ਨੇ ਪਸਾਰ ਵਿਗਿਆਨੀਆਂ ਨੂੰ ਕਿਸਾਨਾਂ ਦੀਆਂ ਖੇਤ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਮੁਹੱਈਆ ਕਰਵਾਉਣ, ਉਨ੍ਹਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਸਥਿਰ ਬਨਾਉਣ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ| ਡਾ. ਭੁੱਲਰ ਨੇ ਕਿਹਾ ਕਿ ਪਾਣੀ ਅਤੇ ਪਰਾਲੀ ਦੀ ਸੁੱਚਜੀ ਸੰਭਾਲ ਮੌਜੂਦਾ ਖੇਤੀ ਦੇ ਅਹਿਮ ਮੁੱਦੇ ਹਨ | ਇਸ ਸੰਬੰਧ ਵਿੱਚ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਸੂਖਮ ਸਿੰਚਾਈ ਵਿਧੀਆਂ ਅਤੇ ਵਾਤਾਵਰਨ ਪੱਖੀ ਕਿਸਮਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਾ ਪਸਾਰ ਕਰਮੀਆਂ ਦੀ ਤਰਜੀਹ ਹੋਣਾ ਚਾਹੀਦਾ ਹੈ | ਉਹਨਾਂ ਕਿਹਾ ਕਿ ਪੀ.ਏ.ਯੂ. ਵੱਲੋਂ ਘਰੇਲੂ ਵਰਤੋਂ ਲਈ ਸਬਜ਼ੀਆਂ ਅਤੇ ਫਲਾਂ ਤੋਂ ਇਲਾਵਾ ਤੇਲਬੀਜ ਫਸਲਾਂ ਦੀ ਕਾਸ਼ਤ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ ਤਾਂ ਕਿ ਖੇਤੀ ਖਰਚੇ ਘਟਾਏ ਜਾ ਸਕਣ| ਉਹਨਾਂ ਕਿਹਾ ਕਿ ਸੰਯੁਕਤ ਖੇਤੀ ਪ੍ਰਣਾਲੀ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਨਿਰੰਤਰ ਆਮਦਨ ਨਾਲ ਜੋੜਨ ਲਈ ਸਿਫ਼ਾਰਸ਼ ਕੀਤੀ ਜਾ ਰਹੀ ਹੈ| ਨਾਲ ਹੀ ਡਾ. ਭੁੱਲਰ ਨੇ ਪਰਾਲੀ ਦੀ ਸੰਭਾਲ ਲਈ ਕੀਤੀਆਂ ਕੋਸ਼ਿਸ਼ਾਂ ਵਾਸਤੇ ਪਸਾਰ ਮਾਹਿਰਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸਦੇ ਸਾਰਥਕ ਨਤੀਜੇ ਦਿਖਾਈ ਦੇ ਰਹੇ ਹਨ|
ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੇ ਕੁਆਰਡੀਨੇਟਰ ਡਾ. ਗੁਰਪ੍ਰੀਤ ਸਿੰਘ ਮੱਕੜ ਨੇ ਦੱਸਿਆ ਕਿ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਸਾਲ ਵਿੱਚ ਦੋ ਵਾਰ ਕਰਵਾਈ ਜਾਂਦੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਤਜਰਬੇ ਅਤੇ ਮਾਹਿਰਾਂ ਦੇ ਸੁਝਾਅ ਮਾਰ ਕੇ ਖੇਤੀ ਮਸਲਿਆਂ ਦੇ ਹੱਲ ਲਈ ਢੁਕਵੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ |
ਇਸ ਦੌਰਾਨ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਡਾ. ਸੋਹਨ ਸਿੰਘ ਵਾਲੀਆ ਅਤੇ ਡਾ. ਪ੍ਰਭਜੋਧ ਸਿੰਘ ਸੰਧੂ ਨੇ ਪੇਸ਼ ਕੀਤੀ| ਮਸਲਿਆਂ ਬਾਰੇ ਤਰੱਕੀ ਰਿਪੋਰਟ ਡਾ. ਰਜਿੰਦਰ ਸਿੰਘ ਵੱਲੋਂ ਹਾਊਸ ਦੇ ਸਾਹਮਣੇ ਰੱਖੀ ਗਈ| ਸੰਬੰਧਿਤ ਮਾਹਿਰਾਂ, ਕਿਸਾਨਾਂ ਅਤੇ ਵਿਗਿਆਨੀਆਂ ਵੱਲੋਂ ਇਸ ਰਿਪੋਰਟ ਉੱਪਰ ਨਿੱਠ ਕੇ ਵਿਚਾਰ-ਚਰਚਾ ਹੋਈ | ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨੇ ਕੁਝ ਖਾਸ ਮੁੱਦਿਆਂ ਵੱਲ ਪੀ.ਏ.ਯੂ. ਮਾਹਿਰਾਂ ਦਾ ਧਿਆਨ ਦਿਵਾਇਆ|
ਅੰਤ ਵਿਚ ਧੰਨਵਾਦ ਦੇ ਸ਼ਬਦ ਵਧੀਕ ਨਿਰਦੇਸ਼ਕ ਖੋਜ ਡਾ. ਮਹੇਸ਼ ਕੁਮਾਰ ਨੇ ਕਹੇ|
ਇਸ ਮੌਕੇ ’ਤੇ ਪਸਾਰ ਸਿੱਖਿਆ ਡਾਇਰੈਕਟੋਰੇਟ ਤੋਂ ਇਲਾਵਾ ਖੇਤੀਬਾੜੀ ਨਾਲ ਸੰਬੰਧਤ ਵਿਭਾਗਾਂ ਜਿਵੇਂ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਨਾਲ-ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਅਤੇ ਖੇਤਰੀ ਖੋਜ ਕੇਂਦਰਾਂ ਦੇ ਵਿਗਿਆਨੀ, ਜ਼ਿਲ੍ਹਾ ਪਸਾਰ ਮਾਹਿਰ ਅਤੇ ਪੀ.ਏ.ਯੂ. ਦੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ|
