ਕੋਟਕਪੂਰਾ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ, ਕੋਟਕਪੂਰਾ ਵਿਖੇ ਹੈੱਡਮਾਸਟਰ ਸ੍ਰੀ ਮਨੀਸ਼ ਛਾਬੜਾ ਜੀ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੇ ਬੌਧਿਕ ਅਤੇ ਸਾਹਿਤਕ ਵਿਕਾਸ ਲਈ 27 ਅਤੇ 28 ਨਵੰਬਰ ਨੂੰ ਦੋ ਰੋਜ਼ਾ ਵਿਸ਼ੇਸ਼ ਮਾਹਿਰ ਲੈਕਚਰ ਕਰਵਾਏ ਗਏ। ਇਸ ਸਮਾਗਮ ਦੇ ਪਹਿਲੇ ਦਿਨ 27 ਨਵੰਬਰ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਜੀ ਨੇ ਮੁੱਖ ਮਹਿਮਾਨ ਅਤੇ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਪੰਜਾਬੀ ਦੀ ਮਹੱਤਤਾ, ਸ਼ੁੱਧ ਉਚਾਰਨ ਅਤੇ ਪੰਜਾਬੀ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਨ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੇ ਦੂਜੇ ਦਿਨ 28 ਨਵੰਬਰ ਨੂੰ ਉੱਘੇ ਨਾਟਕਕਾਰ ਅਤੇ ਅਧਿਆਪਕ ਸ੍ਰੀ ਜਗਦੇਵ ਢਿੱਲੋਂ ਜੀ ਨੇ ਵਿਦਿਆਰਥੀਆਂ ਨਾਲ ਆਪਣੇ ਕੀਮਤੀ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਨਾਟਕ ਕਲਾ, ਰੰਗਮੰਚ ਦੀ ਮਹੱਤਤਾ ਅਤੇ ਸਿੱਖਿਆ ਰਾਹੀਂ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਦੇ ਗੁਰ ਦੱਸੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਦੋ ਰੋਜ਼ਾ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਾਹਿਤਕ ਰੁਚੀ ਪੈਦਾ ਕਰਨਾ, ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਨਾ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਸੀ। ਅੰਤ ਵਿੱਚ ਸਕੂਲ ਮੁਖੀ ਸ੍ਰੀ ਮਨੀਸ਼ ਛਾਬੜਾ ਜੀ ਨੇ ਆਏ ਹੋਏ ਮਾਹਿਰ ਬੁਲਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਦੇ ਗਿਆਨ, ਸੋਚ ਅਤੇ ਆਤਮ-ਵਿਸ਼ਵਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ।

