ਕੋਟਕਪਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਧੀਨ, ਅੱਜ ਪੁਲਿਸ ਲਾਈਨ ਫਰੀਦਕੋਟ ਵਿਖੇ ਮਹਿਕਮਾ ਪੁਲਿਸ ਤੋਂ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਸਨਮਾਨ ਲਈ ਇੱਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਰਿਟਾਇਰ ਹੋਣ ਵਾਲੇ ਕਰਮਚਾਰੀਆਂ ਦੀਆਂ ਲੰਬੀ ਪੁਲਿਸ ਸੇਵਾ ਦੌਰਾਨ ਦਿੱਤੀਆਂ ਸ਼ਾਨਦਾਰ ਯੋਗਦਾਨ ਅਤੇ ਨਿਸ਼ਕਾਮ ਸੇਵਾਵਾਂ ਨੂੰ ਯਾਦਗਾਰ ਬਣਾਉਂਦੇ ਹੋਏ ਉਨ੍ਹਾਂ ਦਾ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਹੋਣ ਵਾਲੇ ਕੁੱਲ 07 ਕਰਮਚਾਰੀਆਂ ਥਾਣੇਦਾਰ ਮੁਖਵਿੰਦਰ ਸਿੰਘ, ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ, ਸਹਾਇਕ ਥਾਣੇਦਾਰ ਅਮਰਜੀਤ ਸਿੰਘ, ਸਹਾਇਕ ਥਾਣੇਦਾਰ ਕਾਬਲ ਸਿੰਘ, ਸਹਾਇਕ ਥਾਣੇਦਾਰ ਇਕਬਾਲ ਸਿੰਘ, ਸਹਾਇਕ ਥਾਣੇਦਾਰ ਅਜੈਬ ਸਿੰਘ ਅਤੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਸ਼ਾਮਲ ਸਨ। ਜਿਹਨਾਂ ਨੂੰ ਇਸ ਮੌਕੇ ਮੌਜੂਦ ਹਾਜਰੀਨ ਵੱਲੋਂ ਸਮੂਹ ਰਿਟਾਇਰ ਹੋ ਰਹੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਬੇਮਿਸਾਲ ਸੇਵਾ ਲਈ ਹਾਰਦਿਕ ਵਧਾਈ ਦਿੱਤੀ ਗਈ। ਰਿਟਾਇਰ ਹੋਣ ਵਾਲੇ ਕਰਮਚਾਰੀਆਂ ਨੇ ਆਪਣੇ ਭਾਵਪੂਰਣ ਸੰਬੋਧਨ ਵਿੱਚ ਕਿਹਾ ਕਿ ਉਹ ਪੁਲਿਸ ਸੇਵਾ ਦੌਰਾਨ ਪ੍ਰਾਪਤ ਹੋਏ ਕੀਮਤੀ ਤਜਰਬਿਆਂ, ਚੁਣੌਤੀਆਂ ਅਤੇ ਸਫਲਤਾਵਾਂ ਨੂੰ ਸਦੀਵ ਯਾਦ ਰੱਖਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਅਤੇ ਸਮੂਹ ਪੁਲਿਸ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸੇਵਾ ਨੂੰ ਸਨਮਾਨਿਤ ਕਰਦੇ ਹੋਏ ਇਹ ਸਮਾਰੋਹ ਆਯੋਜਿਤ ਕੀਤਾ। ਸਮਾਰੋਹ ਦੇ ਅੰਤ ਵਿੱਚ ਰਾਜੇਸ਼ ਕੁਮਾਰ, ਡੀ.ਐਸ.ਪੀ (ਸਥਾਨਿਕ) ਫਰੀਦਕੋਟ ਅਤੇ ਅਵਤਾਰ ਸਿੰਘ ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋਂ ਸੇਵਾਮੁਕਤ ਹੋ ਰਹੇ ਕਰਮਚਾਰੀਆਂ ਨੂੰ ਯਾਦਗਾਰੀ ਮੋਮੈਂਟੋ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਉਹਨਾ ਨਾਲ ਫਰੀਦਕੋਟ ਜਿਲ੍ਹੇ ਦੇ ਹੋਰ ਵੀ ਪੁਲਿਸ ਅਧਿਕਾਰੀ ਹਾਜ਼ਰ ਰਹੇ। ਅੰਤ ਵਿੱਚ, ਸਾਰੇ ਸੇਵਾਮੁਕਤ ਹੋ ਰਹੇ ਕਰਮਚਾਰੀਆਂ ਨੂੰ ਵਿਦਾਈ ਦੇ ਸਮੇਂ ਪੁਲਿਸ ਅਧਿਕਾਰੀਆਂ ਅਤੇ ਸਹਿਯੋਗੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰੰ ਯਾਦਗਾਰ ਪਲ ਭੇਟ ਕੀਤੇ ਗਏ।

