ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਉਣ ’ਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਨਵੀਂ ਲੀਡਰਸ਼ਿਪ ਨੂੰ ਪੁਰਜ਼ੋਰ ਮੁਬਾਰਕਾਂ ਦਿੰਦਿਆਂ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਹਨਾਂ ਆਪਣੀ ਹਮਾਇਤ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਆਗੂ ਹਨ। ਉਨ੍ਹਾਂ ਵੱਲੋਂ ਖੇਡਾਂ ਅਤੇ ਰਾਜਨੀਤੀ ਦੇ ਖੇਤਰ ਵਿੱਚ ਦਿੱਤੀਆਂ ਸੇਵਾਵਾਂ ਬੇਮਿਸਾਲ ਹਨ। ਉਹਨਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਅੰਦਰ ਇੱਕ ਨਵੀਂ ਊਰਜਾ ਦਾ ਸੰਚਾਰ ਹੋਵੇਗਾ ਅਤੇ ਪਾਰਟੀ ਨਵੀਆਂ ਬੁਲੰਦੀਆਂ ’ਤੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ‘ਪ੍ਰਗਟ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ ਸੂਬੇ ਵਿੱਚ ਪਾਰਟੀ ਵਰਕਰਾਂ ਦਾ ਮਨੋਬਲ ਵਧਾਏਗੀ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਚੁੱਕੇਗੀ ਅਤੇ ਸੰਗਠਨ ਨੂੰ ਪਿੰਡ-ਪਿੰਡ ਤੇ ਢਾਣੀ-ਢਾਣੀ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ।’ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਤਜਰਬੇਕਾਰ ਅਤੇ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ, ਜੋ ਸੂਬੇ ਦੇ ਭਲਾਈ ਕਾਰਜਾਂ ਅਤੇ ਲੋਕਾਂ ਦੇ ਮੁੱਦਿਆਂ ’ਤੇ ਡੱਟ ਕੇ ਪਹਿਰਾ ਦੇ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਗਟ ਸਿੰਘ ਆਪਣੇ ਸੁਚੱਜੇ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਤਜਰਬੇ ਦੀ ਬਦੌਲਤ ਪਾਰਟੀ ਵਿੱਚ ਇੱਕਜੁੱਟਤਾ ਕਾਇਮ ਰੱਖਦਿਆਂ ਪੰਜਾਬ ਕਾਂਗਰਸ ਨੂੰ ਇੱਕ ਨਵੀਂ ਦਿਸ਼ਾ ਦੇਣਗੇ।

