ਫਰੀਦਕੋਟ, 12 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਡਿਗਰੀ ਕਾਲਜ, ਮਹਿਮੂਆਣਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਮਾਜ ਵਿੱਚ ਨਸ਼ਾ ਮੁਕਤੀ ਦਾ ਸੰਦੇਸ਼ ਫੈਲਾਉਣ ਲਈ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਗਾਜ਼ ਕਾਲਜ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਪ੍ਰੀਤਇੰਦਰ ਕੌਰ ਗੌਂਦਾਰਾ ਦੁਆਰਾ ਰਸਮੀ ਜੋਤ ਜਗਾ ਕੇ ਕੀਤਾ ਗਿਆ। ਇਸ ਸੈਮੀਨਾਰ ਦੀ ਸ਼ੁਰੂਆਤ ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਦੇ ਅਫਸਰ ਮਨਜੀਤ ਸਿੰਘ ਭੁੱਲਰ ਨੇ ਕੀਤੀ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਜਿਲ੍ਹਾ ਯੂਥ ਭਲਾਈ ਅਫਸਰ ਸ੍ਰੀਮਤੀ ਵੀਰਦੀਪ ਕੌਰ ਸੰਧੂ ਦੁਆਰਾ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪ੍ਰੋਫੈਸਰ ਗੁਰਵਿੰਦਰ ਸਿੰਘ (ਅੰਗਰੇਜੀ ਵਿਭਾਗ) ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਤੰਦਰੁਸਤ, ਸਿੱਖਿਅਤ ਅਤੇ ਨਸ਼ਾ ਮੁਕਤ ਨੌਜਵਾਨ ਹੀ ਦੇਸ਼ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ਤੱਕ ਲੈ ਕੇ ਜਾ ਸਕਦੇ ਹਨ। ਵਿਦਿਆਰਥੀਆਂ ਨੇ ਵੀ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੂੰ ਸਿੱਖਿਆ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਰਚਨਾਤਮਕ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਅਤੇ ‘ਨਸ਼ਾ ਮੁਕਤ ਯੁਵਾ, ਵਿਕਸਿਤ ਭਾਰਤ’ ਵਰਗੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕੀਤੀ ਗਈ। ਕਾਲਜ ਵਾਇਸ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੌਂਦਾਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ “ਅੱਜ ਦਾ ਨਸ਼ਾ ਮੁਕਤ ਨੌਜਵਾਨ ਹੀ ਕੱਲ੍ਹ ਦੇ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆ ਵਲੋਂ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੌਂਹ ਚੱਕ ਕੇ ਦਿ੍ਰੜ ਪ੍ਰਣ ਲਿਆ ਗਿਆ। ਇਸ ਮੌਕੇ ਪ੍ਰੋ ਹਰਵਿੰਦਰ ਪਾਲ ਸਿੰਘ, ਪ੍ਰੋ ਜਗਰਾਜ ਸਿੰਘ, ਪ੍ਰੋ ਰੋਜ਼ੀ, ਪ੍ਰੋ ਮਨਪ੍ਰੀਤ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

