ਕਿਸਾਨਾਂ ਦੀ ਮਾੜੀ ਹਾਲਤ ਲਈ, ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਠਹਿਰਾਇਆ ਜ਼ਿੰਮੇਵਾਰ
ਗੁਣਵੱਤਾ ਮਾਪਦੰਡਾਂ ਵਿੱਚ ਛੋਟ ਨਾ ਦੇਣ ਦੇ ਬਹਾਨੇ ਕਣਕ ਦੀ ਸਰਕਾਰੀ ਖਰੀਦ ਤੋਂ ਭੱਜਣ ਦੀ ਸਾਜਿਸ਼ – ਐਸਕੇਐਮ
ਕਣਕ ਦੀ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਕਰੇਗਾ ਤਿੱਖੇ ਸੰਘਰਸ਼ ਦਾ ਐਲਾਨ

ਫ਼ਰੀਦਕੋਟ 17 ਅਪ੍ਰੈਲ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼)
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ 14 ਅਪ੍ਰੈਲ ਤੱਕ ਵੀ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਤੇ ਸਖਤ ਨਾਰਾਜ਼ਗੀ ਅਤੇ ਰੋਹ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰੇਮ ਸਿੰਘ ਭੰਗੂ, ਮੁਕੇਸ਼ ਚੰਦਰ ਸ਼ਰਮਾ ਅਤੇ ਬਲਦੇਵ ਸਿੰਘ ਲਤਾਲਾ ਨੇ ਕਿਹਾ ਕਿ ਬੇਮੌਸਮੀ ਬਰਸਾਤ ਦੇ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਝੋਨੇ ਵੇਲੇ ਹੜਾਂ ਨੇ ਕਿਸਾਨਾਂ ਦੀ ਫਸਲ ਬਰਬਾਦ ਕਰ ਦਿੱਤੀ ਸੀ ਅਤੇ ਹੁਣ ਬੇ ਮੌਸਮੀ ਬਰਸਾਤ ਅਤੇ ਗੜਿਆਂ ਨੇ ਰਹਿੰਦੀ ਕਸਰ ਕੱਢ ਦਿੱਤੀ ਹੈ। ਪੰਜਾਬ ਵਿੱਚ ਲੱਗਭੱਗ 1,30,000 ਏਕੜ ਵਿੱਚ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਬਾਕੀ ਸਾਰੇ ਪੰਜਾਬ ਵਿੱਚ ਵੀ ਕਣਕ ਦਾ ਝਾੜ ਕਾਫੀ ਘੱਟ ਗਿਆ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਰਾਹਤ ਤਾਂ ਕੀ ਦਿੱਤੀ ਜਾਣੀ ਸੀ ਉਲਟਾ ਕਣਕ ਦੇ ਦਾਣੇ ਦੀ ਕੁਆਲਿਟੀ ਮਾੜੀ ਹੋਣ ਕਾਰਨ ਖਰੀਦ ਤੋਂ ਹੀ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਰਾਜਸਥਾਨ ਦੀ ਕਣਕ ਵਿੱਚ ਨਮੀ ਦੀ ਮਾਤਰਾ ਅਤੇ ਟੁੱਟੇ ਜਾਂ ਸੁੰਗੜੇ ਹੋਏ ਦਾਣਿਆਂ ਦੀ ਮਾਤਰਾ ਬਾਰੇ ਮਾਪਦੰਡਾਂ ਵਿੱਚ ਢਿੱਲ ਦਿੱਤੀ ਹੈ ਪ੍ਰੰਤੂ ਪੰਜਾਬ ਵਿੱਚ ਕੇਂਦਰੀ ਟੀਮ ਵੱਲੋਂ ਦੌਰਾ ਕਰਨ ਦੇ ਬਾਵਜੂਦ ਕੋਈ ਢਿੱਲ ਨਹੀਂ ਦਿੱਤੀ ਗਈ। ਜਿਸ ਕਾਰਨ ਕਿਸਾਨਾਂ ਦੀ ਕਣਕ ਮੰਡੀਆਂ ਵਿੱਚ ਰੁਲ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਮੇਂ ਸਿਰ ਜਾਗਣਾ ਚਾਹੀਦਾ ਸੀ ਅਤੇ ਕੇਂਦਰ ਸਰਕਾਰ ਤੱਕ ਪਹੁੰਚ ਕਰ ਕੇ ਖਰੀਦ ਮਾਪਦੰਡ ਵਿੱਚ ਢਿੱਲ ਲੈਣੀ ਚਾਹੀਦੀ ਸੀ। ਮੌਸਮ ਖਰਾਬ ਹੋਣ ਕਾਰਨ ਕਿਸਾਨਾਂ ਨੂੰ ਫਸਲ ਸਾਂਭਣ ਦੀ ਕਾਹਲੀ ਪਈ ਹੋਈ ਹੈ। ਇਸ ਤਰ੍ਹਾਂ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੇ ਕਿਸਾਨਾਂ ਦੀ ਉਪਜ ਨੂੰ ਸਸਤੇ ਭਾਅ ਤੇ ਲੁੱਟਣ ਅਤੇ ਕਾਰਪੋਰੇਟਾਂ ਦੇ ਸਾਈਲੋਜ ਵਿੱਚ ਵੇਚਣ ਲਈ ਰਾਹ ਪੱਧਰਾ ਕਰਨ ਦੀ ਸਾਜਿਸ਼ ਰਚੀ ਹੈ ਜਿਸ ਨੂੰ ਪੰਜਾਬ ਦੇ ਕਿਸਾਨ ਕਦੇ ਵੀ ਪ੍ਰਵਾਨ ਨਹੀਂ ਕਰਨਗੇ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ। ਜੇਕਰ ਕਣਕ ਦੀ ਖਰੀਦ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਨਾ ਕੀਤੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਤਿੱਖੇ ਸੰਘਰਸ਼ ਦਾ ਐਲਾਨ ਕਰੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰੇਮ ਸਿੰਘ ਭੰਗੂ, ਮੁਕੇਸ਼ ਚੰਦਰ ਸ਼ਰਮਾ ਅਤੇ ਬਲਦੇਵ ਸਿੰਘ ਲਤਾਲਾ ਤੇ ਅਧਾਰਿਤ ਪ੍ਰਧਾਨਗੀ ਮੰਡਲ ਵੱਲੋਂ ਜਾਰੀ ਕੀਤਾ ਗਿਆ।

